
ਮੋਗਾ, 02 ਅਗਸਤ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਰੈਸ਼ਰ ਨਾਲ ਭਰੇ ਇੱਕ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਥਾਣਾ ਚੜਿਕ ਪੁਲਿਸ ਨੇ ਇਸ ਸਬੰਧੀ ਪਿੰਡ ਚੜਿਕ ਦੇ ਰਹਿਣ ਵਾਲੇ ਨਵਦੀਪ ਸਿੰਘ ਦੀ ਸ਼ਿਕਾਇਤ 'ਤੇ ਟਿੱਪਰ ਚਾਲਕ ਹਰਜਿੰਦਰ ਸਿੰਘ, ਵਾਸੀ ਪਿੰਡ ਸਾਹੋਕੇ, ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਸ ਦਾ ਚਚੇਰਾ ਭਰਾ ਗੁਰਪ੍ਰੀਤ ਸਿੰਘ (17-18 ਸਾਲ) ਮੋਟਰਸਾਈਕਲ 'ਤੇ ਮੋਗਾ ਤੋਂ ਚੜਿਕ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਨੇੜੇ ਪਹੁੰਚਿਆ ਤਾਂ ਟਿੱਪਰ ਚਾਲਕ ਨੇ ਕਥਿਤ ਤੌਰ 'ਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH