
ਮੋਹਾਲੀ, 20 ਅਗਸਤ (ਹਿੰ.ਸ.)| ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਨੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਸੂਬੇ ਦੇ ਸਰਕਾਰੀ ਸਿਹਤ ਖੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਇਨ੍ਹਾਂ ਤਿੰਨ ਸਰਜਰੀਆਂ ਨਾਲ ਸੰਸਥਾ ਵਿੱਚ ਹੁਣ ਤੱਕ ਕੁੱਲ ਪੰਜ ਸਫ਼ਲ ਲਿਵਰ ਟ੍ਰਾਂਸਪਲਾਂਟ ਕੀਤੇ ਜਾ ਚੁੱਕੇ ਹਨ।ਪੀਆਈਐਲਬੀਐਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਉਚੇਰੀ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਵਿੱਚ ਆਧੁਨਿਕ ਸੁਪਰ-ਸਪੈਸ਼ਲਿਟੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।ਮੰਤਰੀ ਨੇ ਦੱਸਿਆ ਕਿ ਹਾਲੀਆ ਤਿੰਨ ਟ੍ਰਾਂਸਪਲਾਂਟਾਂ ਵਿੱਚ ਪਰਿਵਾਰਕ ਸਮਰਪਣ ਦੀਆਂ ਭਾਵਨਾਤਮਕ ਮਿਸਾਲਾਂ ਵੀ ਸਾਹਮਣੇ ਆਈਆਂ। ਇੱਕ ਮਾਮਲੇ ਵਿੱਚ ਪਤਨੀ ਨੇ ਆਪਣੇ ਪਤੀ ਨੂੰ, ਦੂਜੇ ਵਿੱਚ ਮਾਂ ਨੇ ਆਪਣੀ ਧੀ ਨੂੰ ਅਤੇ ਤੀਜੇ ਵਿੱਚ ਪੁੱਤਰ ਨੇ ਆਪਣੇ ਪਿਤਾ ਨੂੰ ਲਿਵਰ ਦਾ ਇੱਕ ਹਿੱਸਾ ਦਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਰਜਰੀਆਂ ਸਿਰਫ਼ ਡਾਕਟਰੀ ਸਫ਼ਲਤਾ ਨਹੀਂ, ਸਗੋਂ ਪਿਆਰ, ਕੁਰਬਾਨੀ ਅਤੇ ਪਰਿਵਾਰਕ ਸਾਂਝ ਦੀਆਂ ਵੀ ਮਿਸਾਲਾਂ ਹਨ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਲਿਵਰ ਟ੍ਰਾਂਸਪਲਾਂਟ ਸੇਵਾਵਾਂ ਦੇ ਵਿਸਥਾਰ ਲਈ ‘ਹੱਬ ਐਂਡ ਸਪੋਕ’ ਮਾਡਲ ’ਤੇ ਕੰਮ ਕਰ ਰਹੀ ਹੈ। ਇਸ ਤਹਿਤ ਪੀਆਈਐਲਬੀਐਸ ਮੋਹਾਲੀ ਮੁੱਖ ਹੱਬ ਵਜੋਂ ਕੰਮ ਕਰੇਗਾ, ਜਦਕਿ ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਦੀ ਪਛਾਣ, ਜਾਂਚ, ਰੈਫਰਲ ਅਤੇ ਟ੍ਰਾਂਸਪਲਾਂਟ ਤੋਂ ਬਾਅਦ ਦੀ ਦੇਖਭਾਲ ਵਿੱਚ ਸਹਾਇਤਾ ਕਰਨਗੇ।ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਸੰਸਥਾਵਾਂ ਵਿੱਚ ਅੰਗ ਟ੍ਰਾਂਸਪਲਾਂਟ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਆਪਣੇ ਘਰਾਂ ਦੇ ਨੇੜੇ ਵਿਸ਼ੇਸ਼ ਸਿਹਤ ਸਹੂਲਤਾਂ ਮਿਲ ਸਕਣ।ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਅਤੇ ਪਟਿਆਲਾ ਵਿਖੇ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਇਸ ਨਾਲ ਸਰਕਾਰੀ ਸਿਹਤ ਪ੍ਰਣਾਲੀ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਦਾ ਦਾਇਰਾ ਹੋਰ ਵਧੇਗਾ।ਉਨ੍ਹਾਂ ਪੀਆਈਐਲਬੀਐਸ ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਅਤੇ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੀ ਟੀਮ ਨੇ ਸਮਰਪਣ ਅਤੇ ਪੇਸ਼ੇਵਰ ਕੁਸ਼ਲਤਾ ਨਾਲ ਇਨ੍ਹਾਂ ਗੁੰਝਲਦਾਰ ਸਰਜਰੀਆਂ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਪੀਆਈਐਲਬੀਐਸ ਵਿੱਚ ਨਾਮਾਤਰ ਖਰਚੇ ’ਤੇ 239 ਫਾਈਬਰੋਸਕੈਨ ਕੀਤੇ ਗਏ, ਜਦਕਿ 139 ਇਨਡੋਰ ਮਰੀਜ਼ਾਂ ਨੂੰ ਇਲਾਜ ਅਤੇ ਦੇਖਭਾਲ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਸੰਸਥਾ ਦੀ ਸਮਰੱਥਾ ਵਧਾਉਣ ਲਈ ਭਵਿੱਖ ਵਿੱਚ 170 ਹੋਰ ਬੈੱਡ ਸ਼ਾਮਲ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਮਰੀਜ਼ਾਂ ਨੂੰ ਉੱਨਤ ਇਲਾਜ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਾ ਪੈਣ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ, ਮਾਹਿਰ ਸਟਾਫ਼, ਆਧੁਨਿਕ ਉਪਕਰਨਾਂ ਅਤੇ ਵਿਸ਼ੇਸ਼ ਸੇਵਾਵਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH