
ਚੰਡੀਗੜ੍ਹ, 20 ਅਗਸਤ (ਹਿੰ.ਸ.)| ਪੰਜਾਬ ਦੇ ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਹਿਮ ਪਹਿਲਕਦਮੀ ਕੀਤੀ ਹੈ। ਉਨ੍ਹਾਂ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ ਦਫ਼ਤਰ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ’ਤੇ ਆਧਾਰਿਤ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਜਾਵੇ।ਵਿੱਤ ਮੰਤਰੀ ਨੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸੁਹਿਰਦ ਅਤੇ ਜਲਦ ਹੱਲ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨਾਲ ਸਬੰਧਤ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀਆਂ ਰਸਮੀ ਕਾਰਵਾਈਆਂ ਅਤੇ ਮਨਜ਼ੂਰੀਆਂ ਜਲਦ ਪੂਰੀਆਂ ਕੀਤੀਆਂ ਜਾ ਸਕਣ।ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਆਪਣਾ ਮੰਗ ਪੱਤਰ ਵੀ ਸੌਂਪਿਆ। ਇਸ ਵਿੱਚ ਕਾਡਰ ਦਾ ਦਰਜਾ ਅਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨ ਅਤੇ ਕਾਡਰ ਦੇ ਪੁਨਰਗਠਨ ਸਮੇਤ ਕਈ ਮੰਗਾਂ ਰੱਖੀਆਂ ਗਈਆਂ।ਵਿੱਤ ਮੰਤਰੀ ਅਤੇ ਮਾਲ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੀ ਲਗਾਤਾਰ ਕਦਮ ਚੁੱਕ ਰਹੀ ਹੈ। ਮੀਟਿੰਗ ਵਿੱਚ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਖਜ਼ਾਨਚੀ ਪਲਵਿੰਦਰ ਸਿੰਘ ਸੂਦ, ਮੀਤ ਪ੍ਰਧਾਨ ਅਦਿੱਤਿਆ ਕੌਸ਼ਲ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਨੁਮਾਇੰਦਿਆਂ ਸਮੇਤ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH