“ਪੰਜਾਬ ਪੰਜਾਬੀਆਂ ਦਾ, ਦਿੱਲੀ ਦਾ ਰਿਮੋਟ ਕੰਟਰੋਲ ਹਮੇਸ਼ਾ ਲਈ ਖ਼ਤਮ ਕਰੋ”: ਹਰਸਿਮਰਤ ਕੌਰ ਬਾਦਲ
ਲੌਂਗੋਵਾਲ, 20 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਸੂਬੇ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਸਿਆਸਤ ਹਮੇਸ਼ਾ ਲਈ ਖ਼ਤਮ ਹੋਣੀ ਚਾਹੀਦੀ ਹੈ। ਉਹ ਸੰਤ ਹਰਚੰਦ ਸਿੰਘ ਲੌਂਗੋਵਾਲ ਦ
ਲੌਂਗੋਵਾਲ ਵਿੱਚ ਕਰਵਾਈ ਕਾਨਫਰੰਸ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਤੇਹੋਰ।


ਲੌਂਗੋਵਾਲ, 20 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਸੂਬੇ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਸਿਆਸਤ ਹਮੇਸ਼ਾ ਲਈ ਖ਼ਤਮ ਹੋਣੀ ਚਾਹੀਦੀ ਹੈ। ਉਹ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੇਂ ਸ਼ਹੀਦੀ ਦਿਹਾੜੇ ਮੌਕੇ ਲੌਂਗੋਵਾਲ ਵਿੱਚ ਕਰਵਾਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਸੂਬੇ ਨੂੰ “ਵੰਡ ਪਾਊ ਤਾਕਤਾਂ” ਤੋਂ ਬਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਸਰਕਾਰ ਦੀਆਂ ਮੁੱਖ ਤਰਜੀਹਾਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕਰਨਾ ਹੋਣਗੀਆਂ।ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਿਆ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਪੰਜਾਬੀਆਂ ਨੂੰ ਅਜਿਹੀਆਂ ਤਾਕਤਾਂ ਤੋਂ ਸੂਬੇ ਦਾ ਖਹਿੜਾ ਛੁਡਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਗੁਰੂ ਘਰ ਵਿੱਚ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਹਰਸਿਮਰਤ ਬਾਦਲ ਨੇ ਇਨ੍ਹਾਂ ਨੂੰ “ਗਿਣੀ-ਮਿਥੀ ਸਾਜ਼ਿਸ਼” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਸਿਆਸਤ ਕਰਦਾ ਹੈ ਅਤੇ ਪਾਰਟੀ ਪ੍ਰਧਾਨ ਕਿਸੇ ਵੀ ਹਮਲੇ ਤੋਂ ਨਹੀਂ ਡਰਨਗੇ।ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵਾਪਰੇ ਮਾਮਲਿਆਂ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ 'ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਹਰਸਿਮਰਤ ਬਾਦਲ ਨੇ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਗਾਏ ਅਤੇ ਕਥਿਤ ਤੌਰ 'ਤੇ ਇੱਕ ਜਬਰ-ਜਨਾਹ ਮਾਮਲੇ ਵਿੱਚ ਬਰੀ ਕਰਵਾਉਣ ਲਈ ਮੁੱਖ ਮੰਤਰੀ ਦੇ ਪਰਿਵਾਰ ਵੱਲੋਂ 5 ਕਰੋੜ ਰੁਪਏ ਮੰਗੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਤੋਂ ਸਰਕਾਰ ਨੂੰ ਕੋਈ ਨਹੀਂ ਰੋਕ ਰਿਹਾ। ਉਨ੍ਹਾਂ ‘ਆਪ’ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਜਲਦ ਇਨਸਾਫ਼ ਦੇਣ ਦੇ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਂਦਿਆਂ ਸਰਕਾਰ ਤੋਂ ਜਵਾਬ ਮੰਗਿਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ 23 ਅਗਸਤ ਤੋਂ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮਾਰਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸਮਾਪਤ ਹੋਵੇਗਾ।ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਸੀਨੀਅਰ ਅਕਾਲੀ ਆਗੂਆਂ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande