
ਅੰਮ੍ਰਿਤਸਰ, 22 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਿੱਖ ਇਤਿਹਾਸ ਨਾਲ ਸਬੰਧਤ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੀਆਂ ਯਾਦਗਾਰਾਂ ਬਣਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸਮੂਹਿਕ ਅਰਦਾਸ ਕਰਨ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਨੂੰ ਸਿਧਾਂਤਕ ਪ੍ਰਵਾਨਗੀ ਦੇਣਾ ਸ਼ਾਮਲ ਹੈ।ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹੈ। ਦੋਵਾਂ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਦੋਵੇਂ ਪਾਸੇ ਭਾਈ ਗੁਰਦਾਸ ਜੀ ਅਤੇ ਭਾਈ ਮਨੀ ਸਿੰਘ ਜੀ ਦੀਆਂ ਯਾਦਗਾਰਾਂ ਬਣਾਉਣ ਦਾ ਸਿਧਾਂਤਕ ਫੈਸਲਾ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸੂਬੇ ਅਤੇ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਹੈ। 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 29 ਅਗਸਤ ਨੂੰ ਭੋਗ ਪਾ ਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਸੇ ਦਿਨ ਐਸਜੀਪੀਸੀ ਦੇ ਪ੍ਰਬੰਧ ਅਧੀਨ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿੱਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ।ਮੀਟਿੰਗ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਵੀ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਵਾਰਾ ਦੀ ਬਜ਼ੁਰਗ ਮਾਤਾ ਗੰਭੀਰ ਰੂਪ ਵਿੱਚ ਬਿਮਾਰ ਹਨ ਅਤੇ ਉਨ੍ਹਾਂ ਨੂੰ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦਾ ਰੁਖ ਨਿਰਾਸ਼ਾਜਨਕ ਹੈ। ਇਸ ਦੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ’ਤੇ ਵੀ ਸਰਕਾਰ ਦੀ ਪਹੁੰਚ ’ਤੇ ਚਿੰਤਾ ਪ੍ਰਗਟਾਈ ਗਈ।ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। SGPC ਪ੍ਰਧਾਨ ਨੇ ਦੱਸਿਆ ਕਿ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰੀਕੇ ਪੱਤਣ ਵਿਖੇ ਹੋਏ ਸਮਾਗਮ ਦੌਰਾਨ ਕੀਤੇ ਆਦੇਸ਼ ਦੇ ਅਨੁਸਾਰ ਲਿਆ ਗਿਆ ਹੈ। ਯਾਦਗਾਰ ਲਈ ਜਗ੍ਹਾ ਦੀ ਚੋਣ ਕਰਕੇ ਕੰਮ ਜਲਦ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ।ਅੰਤ੍ਰਿੰਗ ਕਮੇਟੀ ਨੇ ਮੀਰੀ-ਪੀਰੀ ਮੈਡੀਕਲ ਕਾਲਜ, ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਮਨਜ਼ੂਰੀ ਦਿੱਤੀ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ, ਟਰੱਸਟਾਂ, ਵਿਦਿਅਕ ਅਦਾਰਿਆਂ ਅਤੇ ਹੋਰ ਦਫ਼ਤਰੀ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਦੇ ਅੰਤ ਵਿੱਚ ਹਾਲ ਹੀ ਵਿੱਚ ਅਕਾਲ ਚਲਾਣਾ ਕਰ ਗਏ ਐਸਜੀਪੀਸੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਆਨੰਦ ਅਤੇ ਅਮਰੀਕਾ ਵਾਸੀ ਗੁਰਇਕਪ੍ਰੀਤ ਸਿੰਘ ਸਬੰਧੀ ਮੂਲ ਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਅਰਦਾਸ ਕੀਤੀ ਗਈ।
ਹਿੰਦੂਸਥਾਨ ਸਮਾਚਾਰ / GURSHARAN SINGH