
ਅੰਮ੍ਰਿਤਸਰ, 22 ਅਗਸਤ (ਹਿੰ.ਸ.)| ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਵਿਖੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ’ਤੇ ਹਮਲਾ ਕਰਨ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਕਥਿਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ। ਮੌਕੇ ’ਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ, ਜਿਸ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਹਮਲੇ ਵਿੱਚ ਜ਼ਖ਼ਮੀ ਹੋਏ ਦੋ ਸੇਵਾਦਾਰਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਐਡਮਿੰਟਨ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਪਤਾ ਲਗਾਇਆ ਜਾਵੇ ਕਿ ਕਿਤੇ ਕਿਸੇ ਸਿੱਖ ਵਿਰੋਧੀ ਸਮੂਹ ਜਾਂ ਸੰਸਥਾ ਨੇ ਉਸ ਨੂੰ ਗੁੰਮਰਾਹ ਕਰਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਤਾਂ ਨਹੀਂ ਉਕਸਾਇਆ।ਗਿਆਨੀ ਗੜਗੱਜ ਨੇ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਨੂੰ ਮਿਲੀਆਂ ਧਮਕੀਆਂ ਦਾ ਵੀ ਜ਼ਿਕਰ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਗੰਭੀਰਤਾ ਨਾਲ ਜਾਂਚ ਦੀ ਮੰਗ ਕੀਤੀ।ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੇ ਸੁਰੱਖਿਆ ਪ੍ਰਬੰਧਾਂ ਦੀ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰੇ ਹਰ ਮਨੁੱਖ ਲਈ ਖੁੱਲ੍ਹੇ ਹਨ, ਪਰ ਮੌਜੂਦਾ ਹਾਲਾਤ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਵੀ ਪ੍ਰਬੰਧਕਾਂ ਦੀ ਅਹਿਮ ਜ਼ਿੰਮੇਵਾਰੀ ਹੈ।ਜਥੇਦਾਰ ਨੇ ਕੈਨੇਡਾ ਵਿੱਚ ਸਿੱਖਾਂ ਵਿਰੁੱਧ ਕਥਿਤ ਨਫ਼ਰਤ ਅਤੇ ਵਿਤਕਰੇ ਵਿੱਚ ਵਾਧੇ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਸਿੱਖ ਸੰਸਥਾਵਾਂ ਨੂੰ ਆਪਸੀ ਵਿਵਾਦ ਛੱਡ ਕੇ ਇਕਜੁੱਟ ਹੋਣ ਅਤੇ ਸਿੱਖ ਪਛਾਣ, ਇਤਿਹਾਸ ਤੇ ਗੁਰਮਤਿ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH