
ਚੰਡੀਗੜ੍ਹ, 22 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਉਦੇਸ਼ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਿੱਚ ਮਦਦ ਕਰਨਾ ਹੈ।ਕੈਬਨਿਟ ਮੰਤਰੀ ਮੁਤਾਬਕ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ਲਾਭਪਾਤਰੀਆਂ ਨੂੰ 215.24 ਕਰੋੜ ਰੁਪਏ ਜਾਰੀ ਕੀਤੇ ਗਏ। ਇਸੇ ਤਰ੍ਹਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 20,212 ਲਾਭਪਾਤਰੀਆਂ ਨੂੰ 103.08 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਅਤੇ ਈਡਬਲਿਉਐਸ ਤੇ ਪੱਛੜੀਆਂ ਸ਼੍ਰੇਣੀਆਂ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਵਸਨੀਕ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ। ਇਸ ਨਾਲ ਵਿਚੋਲਿਆਂ ਦੀ ਭੂਮਿਕਾ ਘਟਾਉਣ ਦੇ ਨਾਲ ਰਕਮ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾ ਰਹੀ ਹੈ।ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ, ਤਾਂ ਜੋ ਧੀਆਂ ਦੇ ਵਿਆਹ ਤੋਂ ਪਹਿਲਾਂ ਪਰਿਵਾਰਾਂ ਨੂੰ ਬਿਨਾਂ ਦੇਰੀ ਵਿੱਤੀ ਸਹਾਇਤਾ ਮਿਲ ਸਕੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH