
30 ਅਗਸਤ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ ਪ੍ਰੀਖਿਆ; ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਕੇਂਦਰ ’ਤੇ ਪਹੁੰਚਣ ਦੀ ਹਦਾਇਤਫਗਵਾੜਾ, 24 ਅਗਸਤ (ਹਿੰ.ਸ.)| ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ 30 ਅਗਸਤ ਨੂੰ ਹੋਣ ਵਾਲੀ ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦਾ ਸੁਚੱਜਾ, ਨਿਰਪੱਖ ਅਤੇ ਬਿਨਾਂ ਕਿਸੇ ਦਿੱਕਤ ਦੇ ਸੰਚਾਲਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਨਵਜੋਤ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਉਮੀਦਵਾਰਾਂ ਅਤੇ ਪ੍ਰੀਖਿਆ ਸਟਾਫ਼ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਗਸਤ ਨੂੰ ਹੋਣ ਵਾਲੀ ਨੀਟ ਪੀਜੀ ਪ੍ਰੀਖਿਆ ਵਿੱਚ ਲਗਭਗ 1,070 ਉਮੀਦਵਾਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ, ਜਦਕਿ ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਆਪਣੇ ਪ੍ਰੀਖਿਆ ਕੇਂਦਰਾਂ ’ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ’ਤੇ ਐਂਟਰੀ ਅਤੇ ਐਗਜ਼ਿਟ ਪ੍ਰਬੰਧ, ਸੁਰੱਖਿਆ, ਟ੍ਰੈਫਿਕ ਮੈਨੇਜਮੈਂਟ, ਬੈਠਣ ਦੀ ਵਿਵਸਥਾ, ਪੀਣ ਵਾਲੇ ਪਾਣੀ, ਸਫ਼ਾਈ, ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਡਿਊਟੀ ਨਾਲ ਸਬੰਧਤ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਲਾਜ਼ਮੀ ਹੈ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਪ੍ਰੀਖਿਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਨਿਰਧਾਰਤ ਪ੍ਰਕਿਰਿਆਵਾਂ ਨੂੰ ਇਨ-ਬਿਨ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਨਾਲ ਉਮੀਦਵਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH