
ਚੰਡੀਗੜ੍ਹ, 24 ਅਗਸਤ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਆਈਈਡੀ ਅਤੇ ਵਿਸਫੋਟਕ ਸਮੱਗਰੀ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਦੋ ਤਰਨਤਾਰਨ ਅਤੇ ਇੱਕ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹੈ। ਤਿੰਨਾਂ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ (18), ਜਸ਼ਨਦੀਪ ਸਿੰਘ (21) ਵਾਸੀ ਦੇਵਬਾ, ਤਰਨਤਾਰਨ ਅਤੇ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ (19) ਵਾਸੀ ਤਰਸਿੱਕਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਅਤੇ ਜਸ਼ਨਦੀਪ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਦੋਵੇਂ ਪੇਂਟ ਦਾ ਕੰਮ ਕਰਦੇ ਹਨ।ਪੁਲਿਸ ਦੇ ਅਨੁਸਾਰ 22 ਅਗਸਤ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਿਦੇਸ਼ ਵਿੱਚ ਬੈਠੇ ਕੁਝ ਵਿਅਕਤੀਆਂ ਦੇ ਸੰਪਰਕ ਵਿੱਚ ਹਨ ਅਤੇ ਸੈਕਟਰ-42/43 ਇਲਾਕੇ ਵਿੱਚ ਘੁੰਮ ਰਹੇ ਹਨ। ਉਨ੍ਹਾਂ ਕੋਲ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਹੋਣ ਦੀ ਵੀ ਜਾਣਕਾਰੀ ਮਿਲੀ ਸੀ।ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਚੰਡੀਗੜ੍ਹ ਦੀ ਕਿਸੇ ਭੀੜ-ਭੜੱਕੇ ਵਾਲੀ ਥਾਂ ’ਤੇ ਆਈਈਡੀ ਲਗਾ ਕੇ ਧਮਾਕਾ ਕਰਨ ਦੀ ਤਿਆਰੀ ਵਿੱਚ ਸਨ। ਇਸ ਤੋਂ ਬਾਅਦ ਸੈਕਟਰ-36 ਥਾਣੇ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ 23 ਅਗਸਤ ਨੂੰ ਤਿੰਨਾਂ ਨੂੰ ਕਾਬੂ ਕਰ ਲਿਆ।ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 6 ਕਿਲੋ ਜੈਲੇਟਿਨ ਦੀਆਂ ਛੜਾਂ, ਡੈਟੋਨੇਟਰ, ਪਾਵਰ ਸੋਰਸ, ਰਿਮੋਟ ਨਾਲ ਚਲਾਇਆ ਜਾਣ ਵਾਲਾ ਉਪਕਰਨ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਆਈਈਡੀ ਸਰਗਰਮ ਨਹੀਂ ਸੀ। ਵਿਸਫੋਟਕ ਸਮੱਗਰੀ ਮਿਲਣ ਦੀ ਸੂਚਨਾ ਤੋਂ ਬਾਅਦ ਬੰਬ ਸਕੁਐਡ ਦੀ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ।ਪੁਲਿਸ ਅਨੁਸਾਰ ਤਿੰਨੇ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨੈੱਟਵਰਕ ਲਈ ਕੰਮ ਕਰ ਰਹੇ ਸਨ ਅਤੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵਿਸਫੋਟਕ ਸਮੱਗਰੀ ਪਹੁੰਚਾਉਣ, ਲੋੜੀਂਦਾ ਸਾਮਾਨ ਇਕੱਠਾ ਕਰਨ, ਸੰਭਾਵਿਤ ਥਾਵਾਂ ਦੀ ਰੇਕੀ ਕਰਨ ਅਤੇ ਆਈਈਡੀ ਲਗਾਉਣ ਨਾਲ ਸਬੰਧਤ ਕੰਮ ਸੌਂਪੇ ਗਏ ਸਨ। ਹੁਣ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਵਿਦੇਸ਼ੀ ਹੈਂਡਲਰਾਂ ਨਾਲ ਉਨ੍ਹਾਂ ਦੇ ਸੰਪਰਕ, ਵਿਸਫੋਟਕ ਸਮੱਗਰੀ ਦੇ ਸਰੋਤ ਅਤੇ ਕਥਿਤ ਤੌਰ ’ਤੇ ਨਿਸ਼ਾਨੇ ਬਾਰੇ ਪੁੱਛਗਿੱਛ ਕਰੇਗੀ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਮਾਮਲੇ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਉਧਰ, ਲਵਪ੍ਰੀਤ ਦੇ ਪਰਿਵਾਰ ਨੇ ਦੱਸਿਆ ਕਿ ਉਹ ਅੱਠਵੀਂ ਜਮਾਤ ਤੱਕ ਪੜ੍ਹਿਆ ਹੈ ਅਤੇ ਪੇਂਟ ਦਾ ਕੰਮ ਕਰਦਾ ਸੀ। ਪਰਿਵਾਰ ਮੁਤਾਬਕ ਉਹ ਘਰੋਂ ਆਪਣੇ ਰਿਸ਼ਤੇਦਾਰ ਜਸ਼ਨਪ੍ਰੀਤ ਨਾਲ ਮਾਤਾ ਦੇ ਮੰਦਰ ਜਾਣ ਦੀ ਗੱਲ ਕਹਿ ਕੇ ਨਿਕਲਿਆ ਸੀ। ਪਰਿਵਾਰ ਨੇ ਇਹ ਵੀ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਨਾਲ ਸੰਪਰਕ ਨਹੀਂ ਹੋ ਰਿਹਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH