
ਅੰਮ੍ਰਿਤਸਰ, 24 ਅਗਸਤ (ਹਿੰ.ਸ.)| ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ, ਵਿਦਿਆ, ਹੁਨਰ ਅਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਤੋਂ ਬਰਨਾਲਾ ਲਈ ਰਵਾਨਾ ਹੋਏ ਖਾਲਸਾ ਮਾਰਚ ਦੌਰਾਨ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸਿੱਖ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ।ਗਿਆਨੀ ਗੜਗੱਜ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਖਾਲਸਾ ਪੰਥ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਵੱਲ ਲਿਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਹ ਵਿਸ਼ਵਾਸ ਦਿਵਾਉਣਾ ਜ਼ਰੂਰੀ ਹੈ ਕਿ ਪੰਜਾਬ ਵਿੱਚ ਰਹਿ ਕੇ ਵੀ ਉੱਚ ਸਿੱਖਿਆ ਅਤੇ ਮਿਹਨਤ ਰਾਹੀਂ ਜੀਵਨ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦੀਆਂ ਰਵਾਇਤਾਂ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕਰਨਾ ਸਿੱਖ ਪੰਥ ਦੀ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਵੀ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੇ ਗੁਰੂ ਦੀ ਗੋਲਕ ਰਾਹੀਂ ਪੀੜਤਾਂ ਦੀ ਮਦਦ ਕੀਤੀ ਹੈ।ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਗੁਰੂ ਘਰ ਦੀਆਂ ਰਵਾਇਤਾਂ ਅਤੇ ਗੁਰੂ ਦੀ ਗੋਲਕ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ 29 ਅਗਸਤ ਨੂੰ ਸਮੂਹ ਗੁਰਦੁਆਰਿਆਂ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਹਰ ਪਿੰਡ ਵਿੱਚ ਵੀ ਇਸ ਦਿਨ ਅਰਦਾਸ ਕਰਨ ਦੀ ਅਪੀਲ ਕੀਤੀ।ਖਾਲਸਾ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਗੁਰਬਾਣੀ ਕੀਰਤਨ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਮਾਰਚ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।
ਹਿੰਦੂਸਥਾਨ ਸਮਾਚਾਰ / GURSHARAN SINGH