
ਚੰਡੀਗੜ੍ਹ, 27 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਔਰਤ ਵਿਰੋਧੀ ਨੀਤੀਆਂ, ਨਾਕਾਮੀਆਂ ਅਤੇ ਝੂਠੇ ਵਾਅਦਿਆਂ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਔਰਤਾਂ ਨੂੰ ਗੁੰਮਰਾਹ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲ ਸਤਿਕਾਰ ਡੰਡਿਆਂ ਅਤੇ ਤਸ਼ੱਦਦ ਤੱਕ ਹੀ ਸੀਮਤ ਰਹਿ ਗਿਆ ਹੈ।
ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਵਿੱਚ ਕੇਵਲ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਉਨ੍ਹਾਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬ ਵਾਸੀਆਂ ਨੂੰ ਰੱਖੜੀ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਹਜ਼ਾਰਾਂ ਔਰਤਾਂ ਨੇ ਉਨ੍ਹਾਂ ਨੂੰ ਰੱਖੜੀਆਂ ਬੰਨ੍ਹੀਆਂ, ਜਦਕਿ ਉਨ੍ਹਾਂ ਵੱਲੋਂ ਤੋਹਫ਼ੇ ਵਜੋਂ ਸੂਟ ਵੰਡੇ ਗਏ।
ਢਿੱਲੋਂ ਨੇ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਰੱਖਿਆ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਜ਼ਿੰਦਗੀ ਵਿੱਚ ਔਰਤ ਦੀ ਅਹਿਮ ਭੂਮਿਕਾ ਹੈ ਅਤੇ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਨਹੀਂ ਕਰ ਸਕਦਾ।
‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਖੰਨਾ ਵਿੱਚ ਮਨਰੇਗਾ ਕਰਮਚਾਰੀ ਔਰਤਾਂ ’ਤੇ ਲਾਠੀਚਾਰਜ, ਬਰਨਾਲਾ ਵਿੱਚ ਸਫ਼ਾਈ ਸੇਵਕ ਬੀਬੀਆਂ ਨਾਲ ਕਥਿਤ ਧੱਕੇਸ਼ਾਹੀ ਅਤੇ ਸੰਗਰੂਰ ਵਿੱਚ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਮੁਲਾਜ਼ਮ ਔਰਤਾਂ ਨਾਲ ਹੋਏ ਵਿਵਹਾਰ ਨੇ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਢਿੱਲੋਂ ਨੇ ਦਾਅਵਾ ਕੀਤਾ ਕਿ ਹੁਣ ਚੋਣਾਂ ਨੇੜੇ ਆਉਣ ’ਤੇ ਔਰਤਾਂ ਨੂੰ ਸ਼ਰਤਾਂ ਅਤੇ ਰਜਿਸਟ੍ਰੇਸ਼ਨਾਂ ਵਿੱਚ ਉਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਹੱਕਾਂ ਲਈ ਸਰਕਾਰ ਤੋਂ ਜਵਾਬ ਮੰਗਣ।
ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਪਰਿਵਾਰਾਂ, ਖਾਸ ਕਰਕੇ ਮਾਵਾਂ-ਭੈਣਾਂ ’ਤੇ ਪੈ ਰਿਹਾ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਨੌਜਵਾਨਾਂ ਦਾ ਭਵਿੱਖ ਬਚਾਉਣ ਅਤੇ ਭਲਾਈ ਰਾਜ ਦੀ ਸਥਾਪਨਾ ਲਈ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ।
ਸਮਾਗਮ ਵਿੱਚ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ, ਗੁਰਦਰਸ਼ਨ ਸਿੰਘ ਸੈਣੀ, ਸੰਜੀਵ ਖੰਨਾ, ਏਕਤਾ ਨਾਗਪਾਲ, ਸੁਸ਼ੀਲ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਔਰਤਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH