
ਰਾਏਕੋਟ, 27 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕੀਤੀ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਪਰ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਪ੍ਰਤੀ ਵੀ ਸਰਕਾਰਾਂ ਦਾ ਰਵੱਈਆ ਵਿਤਕਰੇ ਵਾਲਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਦਾ ਹਮੇਸ਼ਾ ਗੁਰੂ ’ਤੇ ਭਰੋਸਾ ਰਿਹਾ ਹੈ ਅਤੇ ਹਰ ਔਖੇ ਸਮੇਂ ਸਿੱਖ ਅਰਦਾਸ ਰਾਹੀਂ ਸ਼ਕਤੀ ਪ੍ਰਾਪਤ ਕਰਦਾ ਹੈ। ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਚੜ੍ਹਦੀ ਕਲਾ ਲਈ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 29 ਅਗਸਤ ਨੂੰ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਵਿਦਿਅਕ ਅਦਾਰਿਆਂ ਵਿੱਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 29 ਅਗਸਤ ਨੂੰ ਹਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਬੰਦੀ ਸਿੰਘਾਂ ਲਈ ਅਰਦਾਸ ਕੀਤੀ ਜਾਵੇ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH