ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਗਿਆਨੀ ਕੁਲਦੀਪ ਸਿੰਘ ਗੜਗੱਜ
ਮੀਰੀ-ਪੀਰੀ ਖਾਲਸਾ ਮਾਰਚ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਰਵਾਨਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 27 ਅਗਸਤ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ, ਲੌਂਗੋਵ
ਪੰਜ ਪਿਆਰੀਆਂ ਦੀ ਅਗਵਾਈ ’ਚ ਅਗਲੇ ਪੜਾਅ ਲਈ ਰਵਾਨਾ ਹੁੰਦਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ।


ਮੀਰੀ-ਪੀਰੀ ਖਾਲਸਾ ਮਾਰਚ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਰਵਾਨਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 27 ਅਗਸਤ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ, ਲੌਂਗੋਵਾਲ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਪੰਥਕ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਦੀ ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨਾਲ ਇਤਿਹਾਸ ਸਾਂਝਾ ਕਰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਮਾਰਚ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਇੱਕ ਪਰਿਵਾਰ ਬਣਾਇਆ ਹੈ ਅਤੇ ਪੰਥ ਦੀ ਮੰਜ਼ਿਲ ਵੀ ਸਾਂਝੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸਾਨੂੰ ਸਿਖਾਉਂਦਾ ਹੈ ਕਿ ਜਦੋਂ ਪੰਥਕ ਹਿੱਤ ਸਾਹਮਣੇ ਹੋਣ ਤਾਂ ਨਿੱਜੀ ਮਤਭੇਦਾਂ ਨੂੰ ਪਿੱਛੇ ਛੱਡ ਕੇ ਇੱਕ ਨਿਸ਼ਾਨ ਹੇਠ ਇਕੱਠੇ ਹੋਣਾ ਚਾਹੀਦਾ ਹੈ।

ਉਨ੍ਹਾਂ ਸਿੱਖ ਮਿਸਲਾਂ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਸੀ ਮਤਭੇਦਾਂ ਦੇ ਬਾਵਜੂਦ ਵੱਡੇ ਪੰਥਕ ਹਿੱਤਾਂ ਲਈ ਸਾਰੀਆਂ ਮਿਸਲਾਂ ਇਕਜੁੱਟ ਹੋ ਜਾਂਦੀਆਂ ਸਨ। ਇਸੇ ਏਕਤਾ ਨੇ ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਵਰਗੀਆਂ ਤਾਕਤਾਂ ਦਾ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਵੱਖ-ਵੱਖ ਸਿੱਖ ਤਾਕਤਾਂ ਨੂੰ ਇਕੱਠਾ ਕਰਕੇ ਮਜ਼ਬੂਤ ਸਿੱਖ ਰਾਜ ਕਾਇਮ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੇ ਸਿਧਾਂਤਾਂ ਦੀ ਮਜ਼ਬੂਤੀ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਵਧ ਰਹੇ ਨਸ਼ਿਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਕਈ ਪਰਿਵਾਰ ਆਪਣੇ ਨੌਜਵਾਨ ਪੁੱਤਰਾਂ ਨੂੰ ਨਸ਼ਿਆਂ ਕਾਰਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮਕਸਦ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਵੀ ਹੈ। ਮਾਰਚ ਦੌਰਾਨ ਨੌਜਵਾਨਾਂ ਵੱਲੋਂ ਸਾਬਤ-ਸੂਰਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੇ ਪ੍ਰਣ ਕਰਨ ਨੂੰ ਸਕਾਰਾਤਮਕ ਸੰਕੇਤ ਦੱਸਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande