
ਗੁਰਦਾਸਪੁਰ, 30 ਅਗਸਤ (ਹਿੰ.ਸ.)| ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਆਪਣੀਆਂ ਵੱਖ-ਵੱਖ ਮੰਗਾਂ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ।ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚੌਲਾਂ ’ਤੇ ਲੱਗਦੇ ਇੱਕ ਫੀਸਦੀ ਟੈਕਸ ਨੂੰ ਖਤਮ ਕਰਨ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਟੋਰੇਜ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਸਮੇਤ ਕਈ ਮੰਗਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਈਸ ਮਿਲਰਜ਼ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਜਲਦ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।ਮੀਟਿੰਗ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਅਜੇ ਬੇਦੀ ਨੂੰ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ।ਮੀਟਿੰਗ ਵਿੱਚ ਮੌਜੂਦ ਰਾਈਸ ਮਿਲਰਜ਼ ਨੇ ਅਜੇ ਬੇਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਅਜੇ ਬੇਦੀ ਮਿਲਰ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਅਤੇ ਸਬੰਧਤ ਵਿਭਾਗਾਂ ਦੇ ਸਾਹਮਣੇ ਰੱਖਣਗੇ ਅਤੇ ਭਾਈਚਾਰੇ ਦੀ ਮਜ਼ਬੂਤ ਨੁਮਾਇੰਦਗੀ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH