ਸੁਖਬੀਰ ਬਾਦਲ ਵੱਲੋਂ ਘਨੌਰ ’ਚ ’ਪੰਜਾਬ ਬਚਾਓ’ ਰੈਲੀ ’ਚ ਆਪ, ਕਾਂਗਰਸ ਤੇ ਵਾਰਿਸ ਪੰਜਾਬ ਦੇ ’ਤੇ ਤਿੱਖਾ ਹਮਲਾ
ਘਨੌਰ, 30 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਵਿੱਚ ‘ਪੰਜਾਬ ਬਚਾਓ ਮੁਹਿੰਮ’ ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਸੰਗਠਨ ਪੰਜਾਬ ਵਿੱਚ ਸਿੱਖ ਵੋਟ ਨੂੰ ਵੰਡਣ ਅਤ
ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ


ਘਨੌਰ, 30 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਵਿੱਚ ‘ਪੰਜਾਬ ਬਚਾਓ ਮੁਹਿੰਮ’ ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਤੇ ਤਿੱਖਾ ਸਿਆਸੀ ਹਮਲਾ ਕੀਤਾ।

ਉਨ੍ਹਾਂ ਦੋਸ਼ ਲਾਇਆ ਕਿ ਇਹ ਸੰਗਠਨ ਪੰਜਾਬ ਵਿੱਚ ਸਿੱਖ ਵੋਟ ਨੂੰ ਵੰਡਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਣਾਇਆ ਗਿਆ ਹੈ। ਹਾਲਾਂਕਿ ਇਹ ਸਾਰੇ ਦੋਸ਼ ਸੁਖਬੀਰ ਬਾਦਲ ਵੱਲੋਂ ਲਗਾਏ ਗਏ ਹਨ।

ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਮੁੜ ਮਜ਼ਬੂਤ ਕਰਨ ਲਈ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ ਹੀ ਮਜ਼ਬੂਤ ਵਿਕਲਪ ਹੈ।

‘ਵਾਰਿਸ ਪੰਜਾਬ ਦੇ’ ਬਾਰੇ ਬੋਲਦਿਆਂ ਅਕਾਲੀ ਦਲ ਪ੍ਰਧਾਨ ਨੇ ਦੋਸ਼ ਲਾਇਆ ਕਿ ਇਸ ਦਾ ਮਕਸਦ ਸਿੱਖ ਕੌਮ ਵਿੱਚ ਵੰਡ ਪੈਦਾ ਕਰਨਾ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਦਾ ਭੇਸ ਧਾਰ ਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੰਮ ਕੀਤਾ ਹੈ।

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਸਿਰ ਕਰਜ਼ਾ ਘਟਾਉਣ ਦੀ ਬਜਾਏ ਵਧਾ ਦਿੱਤਾ ਹੈ ਅਤੇ ਸਰਕਾਰੀ ਪੈਸੇ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਇਸ਼ਤਿਹਾਰਾਂ ’ਤੇ ਪੈਸਾ ਖਰਚ ਕੀਤਾ ਗਿਆ ਹੈ।

ਮੈਡੀਕਲ ਕਾਲਜਾਂ ਦੇ ਨੀਂਹ ਪੱਥਰਾਂ ਨੂੰ ਲੈ ਕੇ ਵੀ ਉਨ੍ਹਾਂ ਸਰਕਾਰ ’ਤੇ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਸਿਰਫ਼ ਨੀਂਹ ਪੱਥਰ ਰੱਖਣ ਨਾਲ ਪ੍ਰਾਜੈਕਟ ਪੂਰੇ ਨਹੀਂ ਹੁੰਦੇ ਅਤੇ ਜ਼ਮੀਨੀ ਪੱਧਰ ’ਤੇ ਕੰਮ ਹੋਣਾ ਚਾਹੀਦਾ ਹੈ।

ਰੈਲੀ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ‘ਵਿਜ਼ਨ 2027’ ਤਹਿਤ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਸਰਕਾਰ ਬਣਨ ’ਤੇ ਘਨੌਰ ਹਲਕੇ ਵਿੱਚ ਹੜ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਘੱਗਰ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਣ ਅਤੇ ਸਾਰੀਆਂ ਫਸਲਾਂ ਲਈ ਫਸਲ ਬੀਮਾ ਯੋਜਨਾ ਦਾ ਲਾਭ ਦੇਣ ਦਾ ਵੀ ਭਰੋਸਾ ਦਿੱਤਾ।

ਉਨ੍ਹਾਂ ਐਲਾਨ ਕੀਤਾ ਕਿ ਆਟਾ-ਦਾਲ ਸਕੀਮ ਤਹਿਤ 4 ਰੁਪਏ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ, ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3,100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।

ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਅਗਲੀ ਅਕਾਲੀ ਸਰਕਾਰ ਕਾਨੂੰਨ ਲਿਆ ਕੇ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਵੇਗੀ। ਨਵੇਂ ਉਦਯੋਗਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣਾ ਲਾਜ਼ਮੀ ਕਰਨ ਦਾ ਵੀ ਉਨ੍ਹਾਂ ਐਲਾਨ ਕੀਤਾ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਸਮੇਤ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ.ਕੇ. ਸ਼ਰਮਾ, ਸੁਰਜੀਤ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande