
ਘਨੌਰ, 30 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਵਿਜ਼ਨ 2027’ ਤਹਿਤ ਹਲਕੇ ਦੇ ਲੋਕਾਂ ਲਈ ਕਈ ਵੱਡੇ ਐਲਾਨ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਥੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਸਮੇਂ ਕੀਤੇ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘਨੌਰ ਹਲਕੇ ਵਿੱਚ ਹੜ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ ਅਤੇ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਛੱਡਣ ਤੋਂ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਫਸਲ ਬੀਮਾ ਯੋਜਨਾ ਦਾ ਲਾਭ ਦੇਣ ਦਾ ਵੀ ਐਲਾਨ ਕੀਤਾ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3,100 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਐਲਾਨ ਕੀਤਾ ਗਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਸਰਕਾਰ ਕਾਨੂੰਨ ਲਿਆ ਕੇ ਇਹ ਯਕੀਨੀ ਬਣਾਏਗੀ ਕਿ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਕਾਨੂੰਨ ਵਿੱਚ ਤਬਦੀਲੀਆਂ ਕਰਕੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਰਾਹ ਖੋਲ੍ਹਿਆ ਗਿਆ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿੱਚ ਸਥਾਪਤ ਹੋਣ ਵਾਲੇ ਨਵੇਂ ਉਦਯੋਗਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਘੱਟੋ-ਘੱਟ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣਾ ਲਾਜ਼ਮੀ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ‘ਵਿਜ਼ਨ 2027’ ਦਾ ਉਦੇਸ਼ ਪੰਜਾਬ ਵਿੱਚ ਖੇਤੀਬਾੜੀ, ਰੁਜ਼ਗਾਰ, ਉਦਯੋਗ ਅਤੇ ਸਮਾਜਿਕ ਭਲਾਈ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਪਾਰਟੀ ਵੱਲੋਂ ਵਿਸਥਾਰਤ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਸਮੇਤ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ.ਕੇ. ਸ਼ਰਮਾ, ਸੁਰਜੀਤ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH