
ਚੰਡੀਗੜ੍ਹ, 31 ਅਗਸਤ (ਹਿੰ.ਸ.)| ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਚਿੜੀਆਘਰ ਵਿੱਚ ਜੰਗਲੀ ਜੀਵਾਂ ਅਤੇ ਕੁਦਰਤ ਬਾਰੇ ਜਾਣਕਾਰੀ ਹਾਸਲ ਕਰਨ ਲਈ ਬੱਚਿਆਂ ਦੀ ਦਿਲਚਸਪੀ ਲਗਾਤਾਰ ਵਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਇਸ ਦਾ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਛੱਤਬੀੜ ਚਿੜੀਆਘਰ ਵਿੱਚ ਵੱਖ-ਵੱਖ ਜੰਗਲੀ ਜੀਵ ਪ੍ਰਜਾਤੀਆਂ ਨੂੰ ਦੇਖਣ ਅਤੇ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਵੱਡੀ ਗਿਣਤੀ ਵਿੱਚ ਬੱਚੇ ਪਹੁੰਚ ਰਹੇ ਹਨ।
ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜਨਵਰੀ 2026 ਤੋਂ 20 ਅਗਸਤ 2026 ਤੱਕ ਕੁੱਲ 85,225 ਬੱਚਿਆਂ ਨੇ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ। ਇਨ੍ਹਾਂ ਵਿੱਚ ਜੂਨ ਮਹੀਨੇ ਦੌਰਾਨ ਸਭ ਤੋਂ ਵੱਧ 19,346 ਬੱਚੇ ਚਿੜੀਆਘਰ ਦੇਖਣ ਪਹੁੰਚੇ।
ਸਰਕਾਰ ਦਾ ਮੰਨਣਾ ਹੈ ਕਿ ਚਿੜੀਆਘਰ ਸਿਰਫ਼ ਮਨੋਰੰਜਨ ਦਾ ਸਥਾਨ ਨਹੀਂ, ਸਗੋਂ ਬੱਚਿਆਂ ਨੂੰ ਜੰਗਲੀ ਜੀਵਾਂ, ਉਨ੍ਹਾਂ ਦੇ ਕੁਦਰਤੀ ਆਵਾਸ ਅਤੇ ਵਾਤਾਵਰਣ ਸੰਭਾਲ ਬਾਰੇ ਵਿਹਾਰਕ ਜਾਣਕਾਰੀ ਦੇਣ ਦਾ ਵੀ ਮਹੱਤਵਪੂਰਨ ਮਾਧਿਅਮ ਹੈ। ਚਿੜੀਆਘਰ ਵਿੱਚ ਵੱਖ-ਵੱਖ ਪ੍ਰਜਾਤੀਆਂ ਨੂੰ ਨੇੜਿਓਂ ਦੇਖਣ ਨਾਲ ਬੱਚਿਆਂ ਵਿੱਚ ਜੰਗਲੀ ਜੀਵਾਂ ਪ੍ਰਤੀ ਰੁਚੀ ਅਤੇ ਸੰਵੇਦਨਸ਼ੀਲਤਾ ਪੈਦਾ ਹੋ ਰਹੀ ਹੈ।
ਸਰਕਾਰ ਵੱਲੋਂ ਬੱਚਿਆਂ ਨੂੰ ਕੁਦਰਤ ਅਤੇ ਜੰਗਲੀ ਜੀਵਾਂ ਨਾਲ ਜੋੜਨ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਬੱਚਿਆਂ ਵਿੱਚ ਵਧ ਰਹੀ ਇਹ ਦਿਲਚਸਪੀ ਭਵਿੱਖ ਵਿੱਚ ਜੰਗਲੀ ਜੀਵ ਸੁਰੱਖਿਆ ਅਤੇ ਵਾਤਾਵਰਣ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH