
ਚੰਡੀਗੜ੍ਹ, 31 ਅਗਸਤ (ਹਿੰ.ਸ.)| ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਸੁਧਾਰ ਦਰਜ ਕੀਤਾ ਗਿਆ ਹੈ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਦੇ 2026 ਦੇ ਤਾਜ਼ਾ ਮੁਲਾਂਕਣ ਅਨੁਸਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ 2022 ਦੇ 164 ਫੀਸਦੀ ਤੋਂ ਘਟ ਕੇ 2026 ਵਿੱਚ 152.22 ਫੀਸਦੀ ਰਹਿ ਗਈ ਹੈ।
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਗੋਇਲ ਨੇ ਕਿਹਾ ਕਿ ਅਤਿ-ਸ਼ੋਸ਼ਿਤ ਬਲਾਕਾਂ ਦੀ ਗਿਣਤੀ ਵੀ 117 ਤੋਂ ਘਟ ਕੇ 110 ਹੋ ਗਈ ਹੈ, ਜਦਕਿ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ। ਉਨ੍ਹਾਂ ਮੁਤਾਬਕ ਧਰਤੀ ਹੇਠਲੇ ਪਾਣੀ ਦੀ ਸਾਲਾਨਾ ਨਿਕਾਸੀ 2022 ਦੇ 28.02 ਬਿਲੀਅਨ ਕਿਊਬਿਕ ਮੀਟਰ ਤੋਂ ਘਟ ਕੇ 2026 ਵਿੱਚ 26.32 ਬਿਲੀਅਨ ਕਿਊਬਿਕ ਮੀਟਰ ਰਹਿ ਗਈ ਹੈ।
ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਮੁਲਾਂਕਣ ਕੀਤੇ ਬਲਾਕਾਂ ਵਿੱਚੋਂ 109 ਵਿੱਚ ਵੱਖ-ਵੱਖ ਪੱਧਰਾਂ ’ਤੇ ਸੁਧਾਰ ਦਰਜ ਕੀਤਾ ਗਿਆ ਹੈ। ਸਾਲ 2025 ਦੇ ਮੁਕਾਬਲੇ 14 ਬਲਾਕ ਬਿਹਤਰ ਸ਼੍ਰੇਣੀ ਵਿੱਚ ਆਏ ਹਨ, ਜਿਨ੍ਹਾਂ ਵਿੱਚ ਚਾਰ ਬਲਾਕ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਪਹੁੰਚੇ ਹਨ। ਇਨ੍ਹਾਂ ਵਿੱਚ ਫਾਜ਼ਿਲਕਾ ਦਾ ਅਰਨੀਵਾਲਾ ਸ਼ੇਖ ਸੁਭਾਨਪੁਰ, ਫਿਰੋਜ਼ਪੁਰ ਦਾ ਮੱਖੂ, ਹੁਸ਼ਿਆਰਪੁਰ ਦਾ ਹਾਜੀਪੁਰ ਅਤੇ ਪਠਾਨਕੋਟ ਦਾ ਨਰੋਟ ਜੈਮਲ ਸਿੰਘ ਸ਼ਾਮਲ ਹਨ।
ਇਸੇ ਤਰ੍ਹਾਂ ਗੁਰਦਾਸਪੁਰ ਅਤੇ ਕਾਹਨੂੰਵਾਨ ਅਤਿ-ਸ਼ੋਸ਼ਿਤ ਤੋਂ ਨਾਜ਼ੁਕ ਸ਼੍ਰੇਣੀ ਵਿੱਚ ਆਏ ਹਨ, ਜਦਕਿ ਫਿਰੋਜ਼ਪੁਰ, ਮਮਦੋਟ, ਸ੍ਰੀ ਹਰਗੋਬਿੰਦਪੁਰ, ਭੂੰਗਾ, ਹੁਸ਼ਿਆਰਪੁਰ-2 ਅਤੇ ਔੜ ਸਮੇਤ ਕਈ ਬਲਾਕ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਪਹੁੰਚੇ ਹਨ।
ਗੋਇਲ ਨੇ ਕਿਹਾ ਕਿ ਇਸ ਸੁਧਾਰ ਪਿੱਛੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਸਿੰਚਾਈ ਢਾਂਚੇ ਦੇ ਨਵੀਨੀਕਰਨ, ਖਾਲਿਆਂ ਦੀ ਮੁਰੰਮਤ, ਪਾਈਪਲਾਈਨਾਂ ਵਿਛਾਉਣ ਅਤੇ ਰੀਚਾਰਜ ਪ੍ਰਬੰਧਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ 2022 ਦੇ ਕਰੀਬ 26 ਫੀਸਦੀ ਤੋਂ ਵਧ ਕੇ ਹੁਣ 82 ਫੀਸਦੀ ਹੋ ਗਈ ਹੈ ਅਤੇ ਇਸ ਲਈ ਸਰਕਾਰ ਵੱਲੋਂ ਲਗਭਗ 7,500 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਮੰਤਰੀ ਅਨੁਸਾਰ ਸੂਬੇ ਵਿੱਚ 510 ਤੋਂ ਵੱਧ ਰੀਚਾਰਜ ਸਕੀਮਾਂ ਚੱਲ ਰਹੀਆਂ ਹਨ, ਜਿਨ੍ਹਾਂ ਰਾਹੀਂ ਲਗਭਗ 38 ਲੱਖ ਘਣ ਮੀਟਰ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਨਾਲ ਟਿਊਬਵੈੱਲਾਂ ’ਤੇ ਨਿਰਭਰਤਾ ਘਟੀ ਹੈ ਅਤੇ ਬਿਜਲੀ ਦੀ ਖਪਤ ਵਿੱਚ ਵੀ ਲਗਭਗ 16 ਫੀਸਦੀ ਕਮੀ ਆਈ ਹੈ।
ਬਰਿੰਦਰ ਗੋਇਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਿਰਫ਼ ਵਾਤਾਵਰਣਕ ਲੋੜ ਨਹੀਂ, ਸਗੋਂ ਪੰਜਾਬ ਦੀ ਖੇਤੀਬਾੜੀ ਅਤੇ ਦੇਸ਼ ਦੀ ਅੰਨ ਸੁਰੱਖਿਆ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਹਿਰੀ ਸਿੰਚਾਈ ਅਤੇ ਰੀਚਾਰਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH