
ਚੰਡੀਗੜ੍ਹ, 31 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਕਿਹਾ ਕਿ ਸਦਨ ਸੂਬੇ ਦੇ ਵਿਕਾਸ ਅਤੇ ਜਨਹਿਤ ਨਾਲ ਜੁੜੇ ਮੁੱਦਿਆਂ ’ਤੇ ਸਾਰਥਕ ਚਰਚਾ ਲਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਗਰਿਮਾ ਨੂੰ ਕਾਇਮ ਰੱਖਣਾ ਸਾਰੇ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੂਪੇਂਦਰ ਸਿੰਘ ਹੁੱਡਾ ਵੱਲੋਂ ਚੁੱਕੇ ਗਏ ਇੱਕ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਹੁੱਡਾ ਸਦਨ ਦੇ ਬਹੁਤ ਸੀਨੀਅਰ ਅਤੇ ਸਨਮਾਨਯੋਗ ਮੈਂਬਰ ਹਨ ਅਤੇ ਉਹ ਉਨ੍ਹਾਂ ਦਾ ਪੂਰਾ ਸਨਮਾਨ ਕਰਦੇ ਹਨ। ਸੈਣੀ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਨ੍ਹਾਂ ਵੱਲੋਂ ਕਹੀ ਗਈ ਗੱਲ ਨੂੰ ਪੂਰੇ ਸੰਦਰਭ ਅਤੇ ਵਿਧਾਨ ਸਭਾ ਦੀ ਕਾਰਵਾਈ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਵਾਰ-ਵਾਰ ਆਪਣੀਆਂ ਸੀਟਾਂ ਤੋਂ ਖੜ੍ਹੇ ਹੋ ਕੇ ਸਦਨ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਦੀ ਬਜਾਏ ਵਿਧਾਨ ਸਭਾ ਵਿੱਚ ਹਰਿਆਣਾ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਜਨਹਿਤ ਦੇ ਮੁੱਦਿਆਂ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੈਂਬਰਾਂ ਨੂੰ ਚੈਂਬਰ ਵਿੱਚ ਆ ਕੇ ਵੀਡੀਓ ਦੇਖਣ ਲਈ ਵੀ ਕਿਹਾ ਗਿਆ ਸੀ, ਪਰ ਇਸ ਦੇ ਬਾਵਜੂਦ ਸਦਨ ਵਿੱਚ ਮੁੜ ਨਾਅਰੇਬਾਜ਼ੀ ਕੀਤੀ ਗਈ।
ਸੈਣੀ ਨੇ ਆਪਣੇ ਬਿਆਨ ਦੀ ਵਿਆਖਿਆ ਕਰਦਿਆਂ ਕਿਹਾ ਕਿ ਕਾਂਗਰਸ ਮੈਂਬਰ ਲਗਾਤਾਰ ਇਹ ਨਾਅਰੇ ਲਗਾ ਰਹੇ ਸਨ ਕਿ “ਇਨ੍ਹਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਇਸ ਦੇ ਜਵਾਬ ਵਿੱਚ ਉਨ੍ਹਾਂ ਸਿਰਫ਼ ਇੰਨਾ ਕਿਹਾ ਸੀ ਕਿ “ਗੁੰਡਾਗਰਦੀ ਸਾਡੀ ਪਾਸਿਓਂ ਨਹੀਂ ਚੱਲ ਰਹੀ, ਤੁਹਾਡੀ ਪਾਸਿਓਂ ਚੱਲ ਰਹੀ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਕਹੇ ਗਏ ਸ਼ਬਦਾਂ ਵਿੱਚ ਕੋਈ ਗੈਰ-ਸੰਸਦੀ ਟਿੱਪਣੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਨੂੰ ਪੂਰੇ ਸੰਦਰਭ ਵਿੱਚ ਦੇਖਣ ਨਾਲ ਸਥਿਤੀ ਸਪੱਸ਼ਟ ਹੋ ਜਾਵੇਗੀ। ਸੈਣੀ ਨੇ ਮੁੜ ਜ਼ੋਰ ਦਿੱਤਾ ਕਿ ਵਿਧਾਨ ਸਭਾ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਹਿੱਤਾਂ ਨਾਲ ਸਬੰਧਤ ਮੁੱਦਿਆਂ ’ਤੇ ਸਕਾਰਾਤਮਕ ਅਤੇ ਸਾਰਥਕ ਵਿਚਾਰ-ਵਟਾਂਦਰੇ ਦਾ ਮੰਚ ਬਣਾਇਆ ਜਾਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH