
ਕਪੂਰਥਲਾ, 04 ਅਗਸਤ (ਹਿੰ.ਸ.)| ਕਪੂਰਥਲਾ ਪੁਲਿਸ ਨੇ ਸਾਈਬਰ ਕ੍ਰਾਈਮ ਵਿਰੁੱਧ ਮੁਹਿੰਮ ਤਹਿਤ ਪਿਛਲੇ ਇੱਕ ਸਾਲ ਦੌਰਾਨ ਗੁੰਮ ਅਤੇ ਚੋਰੀ ਹੋਏ 250 ਤੋਂ ਵੱਧ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਹਨ। ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਅੰਦਾਜ਼ਨ ਕੀਮਤ 50 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਜ਼ਿਲ੍ਹਾ ਪੁਲਿਸ ਮੁਖੀ (ਐਸਐਸਪੀ) ਗੌਰਵ ਤੂਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪੁਲਿਸ ਦੋ ਵੱਖ-ਵੱਖ ਪੜਾਵਾਂ ਵਿੱਚ ਕਰੀਬ 500 ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪ ਚੁੱਕੀ ਹੈ। ਉਨ੍ਹਾਂ ਇਸ ਸਫਲਤਾ ਦਾ ਸਿਹਰਾ ਸਾਈਬਰ ਕ੍ਰਾਈਮ ਥਾਣੇ ਦੀ ਇੰਚਾਰਜ ਇੰਸਪੈਕਟਰ ਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਦੀ ਮੁਸਤੈਦੀ ਅਤੇ ਲਗਾਤਾਰ ਮਿਹਨਤ ਨੂੰ ਦਿੱਤਾ।
ਐਸਐਸਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸਾਰੇ ਮੋਬਾਈਲ ਫੋਨਾਂ ਦੀ ਪੂਰੀ ਤਸਦੀਕ ਕੀਤੀ ਗਈ। ਮਾਲਕਾਂ ਦੀ ਪਛਾਣ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਮੋਬਾਈਲ ਉਨ੍ਹਾਂ ਨੂੰ ਵਾਪਸ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਾਲ-ਨਾਲ ਹੋਰ ਸੂਬਿਆਂ ਤੋਂ ਵੀ ਟਰੇਸ ਕਰਕੇ ਬਰਾਮਦ ਕੀਤੇ ਗਏ ਹਨ।
ਗੌਰਵ ਤੂਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਜਾਂ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਮੋਬਾਈਲ ਦੀ ਟਰੇਸਿੰਗ ਅਤੇ ਰਿਕਵਰੀ ਸਬੰਧੀ ਜਾਣਕਾਰੀ ਸੀਈਆਈਆਰ ਪੋਰਟਲ ਰਾਹੀਂ ਸ਼ਿਕਾਇਤਕਰਤਾ ਤੱਕ ਪਹੁੰਚਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਲੋਕ www.ceir.gov.in 'ਤੇ ਆਨਲਾਈਨ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਜਾਂ ਲੋੜ ਪੈਣ 'ਤੇ ਸਾਈਬਰ ਕ੍ਰਾਈਮ ਥਾਣੇ ਨਾਲ ਸੰਪਰਕ ਕਰ ਸਕਦੇ ਹਨ। ਐਸਐਸਪੀ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਦੀ ਸੰਪਤੀ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਗੁੰਮ ਜਾਂ ਚੋਰੀ ਹੋਏ ਮੋਬਾਈਲ ਜਲਦ ਤੋਂ ਜਲਦ ਬਰਾਮਦ ਕਰਕੇ ਲੋਕਾਂ ਨੂੰ ਵਾਪਸ ਸੌਂਪੇ ਜਾ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH