
ਚੰਡੀਗੜ੍ਹ, 04 ਅਗਸਤ (ਹਿੰ.ਸ.)| ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ, ਲਾਪਤਾ ਨੌਜਵਾਨਾਂ ਦੀ ਭਾਲ ਅਤੇ ਜੰਗ ਦੌਰਾਨ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਕੂਟਨੀਤਿਕ ਦਖ਼ਲ ਦੀ ਮੰਗ ਕੀਤੀ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਲੰਬੇ ਸਮੇਂ ਤੋਂ ਸੰਸਦ ਵਿੱਚ ਲਗਾਤਾਰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਭਾਰਤ ਸਰਕਾਰ ਨੇ ਰੂਸ ਨਾਲ ਇਸ ਸਬੰਧੀ ਗੱਲਬਾਤ ਕੀਤੀ ਹੈ, ਪਰ ਕਈ ਭਾਰਤੀ ਨੌਜਵਾਨ ਅਜੇ ਵੀ ਉੱਥੇ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਵੀ ਉਹ ਇਹ ਮਾਮਲਾ ਉਠਾਉਣਾ ਚਾਹੁੰਦੇ ਸਨ, ਪਰ ਸੰਸਦ ਦੀ ਕਾਰਵਾਈ ਪ੍ਰਭਾਵਿਤ ਰਹਿਣ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ।ਉਨ੍ਹਾਂ ਦੱਸਿਆ ਕਿ ਇਸ ਵੇਲੇ ਉਨ੍ਹਾਂ ਕੋਲ ਰੂਸ ਵਿੱਚ ਫਸੇ ਜਾਂ ਪ੍ਰਭਾਵਿਤ 10 ਭਾਰਤੀ ਨੌਜਵਾਨਾਂ ਦੇ ਮਾਮਲੇ ਹਨ। ਇਨ੍ਹਾਂ ਵਿੱਚ ਕੁਝ ਨੌਜਵਾਨ ਉੱਥੇ ਫਸੇ ਹੋਏ ਹਨ, ਕੁਝ ਲਾਪਤਾ ਹਨ ਅਤੇ ਕੁਝ ਰੂਸ-ਯੂਕਰੇਨ ਜੰਗ ਦੌਰਾਨ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਮਹਿਕਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਸਟੱਡੀ ਵੀਜ਼ੇ 'ਤੇ ਰੂਸ ਗਿਆ ਸੀ ਅਤੇ ਇਸ ਸਮੇਂ ਹਿਰਾਸਤ ਵਿੱਚ ਹੈ। ਪਰਿਵਾਰ ਵੱਲੋਂ ਅਦਾਲਤ ਵੱਲੋਂ ਲਗਾਇਆ ਜੁਰਮਾਨਾ ਭਰਨ ਦੇ ਬਾਵਜੂਦ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ।ਸੰਤ ਸੀਚੇਵਾਲ ਨੇ ਗਗਨਦੀਪ ਸਿੰਘ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ, ਜੋ ਰੂਸੀ ਫੌਜ ਵਿੱਚ ਰਹਿੰਦਿਆਂ ਜੰਗ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ, ਹਰਵਿੰਦਰ ਸਿੰਘ ਅਤੇ ਜਗਰੂਪ ਸਿੰਘ ਲੰਬੇ ਸਮੇਂ ਤੋਂ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਲਈ ਕੇਂਦਰ ਸਰਕਾਰ ਰੂਸੀ ਅਧਿਕਾਰੀਆਂ ਨਾਲ ਸੰਪਰਕ ਕਰੇ।ਉਨ੍ਹਾਂ ਅੰਮ੍ਰਿਤਸਰ ਦੇ ਹੀਰਾ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਅਤੇ ਮਾਰੇ ਗਏ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਰੂਸੀ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿਵਾਉਣ ਦੀ ਵੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਨੁੱਖੀ ਤਸਕਰੀ ਅਤੇ ਗੈਰ-ਕਾਨੂੰਨੀ ਏਜੰਟਾਂ ਦੇ ਜਾਲ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਾਵਾਸ ਪ੍ਰਭਾਵਸ਼ਾਲੀ ਦਖ਼ਲ ਦੇ ਕੇ ਸਾਰੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH