
ਫਾਜ਼ਿਲਕਾ, 06 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਕਾਰਜਾਂ ਅਤੇ ਇਲਾਕੇ ਦੀ ਰਾਜਨੀਤਿਕ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨਾਲ ਫਾਜ਼ਿਲਕਾ ਹਲਕੇ ਦੇ ਵਿਕਾਸ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਫਾਜ਼ਿਲਕਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ।
ਸਵਨਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਦਿਨ-ਰਾਤ ਮਿਹਨਤ ਕਰਨ ’ਤੇ ਜ਼ੋਰ ਦਿੱਤਾ।
ਵਿਧਾਇਕ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਹੂਲਤਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਵੀ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਮੁੱਦੇ ਸਬੰਧੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਰਹੱਦੀ ਪੱਟੀ ਦੇ ਕਿਸਾਨਾਂ ਨਾਲ ਜੁੜੇ ਇਸ ਅਹਿਮ ਮਸਲੇ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਗੱਲ ਰੱਖੀ।
ਹਿੰਦੂਸਥਾਨ ਸਮਾਚਾਰ / GURSHARAN SINGH