
ਹੁਸ਼ਿਆਰਪੁਰ, 08 ਅਗਸਤ (ਹਿੰ.ਸ.)| ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਐਨਐਚ-503-ਏ ਦੇ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਵਾਲੇ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਤੋਂ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਵਾਉਣ ਲਈ ਨਿੱਜੀ ਦਖ਼ਲ ਦੀ ਅਪੀਲ ਵੀ ਕੀਤੀ।ਮੁਲਾਕਾਤ ਦੌਰਾਨ ਡਾ. ਚੱਬੇਵਾਲ ਨੇ ਦੱਸਿਆ ਕਿ ਪੈਕੇਜ-2 ਤਹਿਤ 43.400 ਕਿਲੋਮੀਟਰ ਤੋਂ 85.788 ਕਿਲੋਮੀਟਰ ਤੱਕ ਦੇ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਦਾ ਇਹ ਮਹੱਤਵਪੂਰਨ ਪ੍ਰੋਜੈਕਟ ਪਹਿਲਾਂ ਅਲਾਟ ਕੀਤਾ ਜਾ ਚੁੱਕਾ ਸੀ। ਹਾਲਾਂਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏਆਈ) ਵੱਲੋਂ ਠੇਕਾ ਰੱਦ ਕਰ ਦਿੱਤਾ ਗਿਆ ਸੀ।ਡਾ. ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਹੁਣ ਪ੍ਰੋਜੈਕਟ ਦੀ ਸੋਧੀ ਹੋਈ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਤਿਆਰ ਕਰਕੇ ਐਨਐਚਏਆਈ ਦੇ ਸਮਰੱਥ ਅਧਿਕਾਰੀ ਕੋਲ ਜਮ੍ਹਾਂ ਕਰਵਾ ਦਿੱਤੀ ਗਈ ਹੈ। ਇਸ ਨਾਲ ਪ੍ਰੋਜੈਕਟ ਨੂੰ ਮੁੜ ਅਲਾਟ ਕਰਨ ਦਾ ਰਾਹ ਸਾਫ਼ ਹੋ ਗਿਆ ਹੈ।ਉਨ੍ਹਾਂ ਗਡਕਰੀ ਨੂੰ ਅਪੀਲ ਕੀਤੀ ਕਿ ਐਨਐਚਏਆਈ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਜਲਦ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਨਵੇਂ ਟੈਂਡਰ ਮੰਗੇ ਜਾ ਸਕਣ ਅਤੇ ਲੰਬੇ ਸਮੇਂ ਤੋਂ ਲਟਕਿਆ ਫੋਰ-ਲੇਨਿੰਗ ਦਾ ਕੰਮ ਬਿਨਾਂ ਹੋਰ ਦੇਰੀ ਦੇ ਸ਼ੁਰੂ ਹੋ ਸਕੇ। ਡਾ. ਚੱਬੇਵਾਲ ਨੇ ਕਿਹਾ ਕਿ ਇਸ ਮਹੱਤਵਪੂਰਨ ਰਾਸ਼ਟਰੀ ਰਾਜਮਾਰਗ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਨਾਲ ਆਸ-ਪਾਸ ਦੇ ਇਲਾਕਿਆਂ ਦੀ ਕਨੈਕਟੀਵਿਟੀ ਵਿੱਚ ਵੱਡਾ ਸੁਧਾਰ ਹੋਵੇਗਾ। ਇਸ ਨਾਲ ਯਾਤਰੀਆਂ ਦੀ ਆਵਾਜਾਈ ਵਧੇਰੇ ਸੁਚਾਰੂ ਅਤੇ ਸੁਰੱਖਿਅਤ ਬਣੇਗੀ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲਗਾਤਾਰ ਵਧ ਰਹੀ ਟ੍ਰੈਫਿਕ ਅਤੇ ਵਿਕਾਸ ਦੀਆਂ ਲੋੜਾਂ ਨੂੰ ਦੇਖਦਿਆਂ ਇਸ ਪ੍ਰੋਜੈਕਟ ਨੂੰ ਜਲਦ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪ੍ਰੋਜੈਕਟ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਡਾ. ਚੱਬੇਵਾਲ ਨੂੰ ਭਰੋਸਾ ਦਿੱਤਾ ਕਿ ਉਹ ਮਾਮਲੇ ਨੂੰ ਜਲਦ ਦੇਖਣਗੇ ਅਤੇ ਇਸ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH