
9 ਮਾਮਲੇ ਦਰਜ, 24 ਗ੍ਰਾਮ ਹੈਰੋਇਨ, 2 ਨਾਜਾਇਜ਼ ਪਿਸਤੌਲ ਅਤੇ 37,500 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦਤਰਨਤਾਰਨ, 08 ਅਗਸਤ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਤਰਨਤਾਰਨ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਅਤੇ ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਦੀ ਅਗਵਾਈ ਵਿੱਚ ਕੀਤੀ ਗਈ।ਐੱਸਪੀ (ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਹੇਠ ਬਣਾਈਆਂ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਐਨਡੀਪੀਐਸ ਐਕਟ, ਆਬਕਾਰੀ ਐਕਟ ਅਤੇ ਅਸਲਾ ਐਕਟ ਤਹਿਤ ਕੁੱਲ 9 ਮਾਮਲੇ ਦਰਜ ਕੀਤੇ ਗਏ। ਪੁਲਿਸ ਨੇ ਕਾਰਵਾਈ ਦੌਰਾਨ 24 ਗ੍ਰਾਮ ਹੈਰੋਇਨ, 2 ਨਾਜਾਇਜ਼ ਪਿਸਤੌਲ, 37,500 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ ਨਸ਼ਾ ਤਸਕਰੀ ਨਾਲ ਸਬੰਧਤ 1,250 ਰੁਪਏ ਦੀ ਨਕਦੀ ਬਰਾਮਦ ਕੀਤੀ।ਤਰਨਤਾਰਨ ਸਿਟੀ ਥਾਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਦਿਲਪ੍ਰੀਤ ਸਿੰਘ ਉਰਫ਼ ਕਾਕਾ ਨੂੰ ਪਿਸਤੌਲ ਸਮੇਤ ਕਾਬੂ ਕੀਤਾ। ਇਸੇ ਤਰ੍ਹਾਂ ਅਜੈ ਨਾਮਕ ਮੁਲਜ਼ਮ ਨੂੰ 15 ਗ੍ਰਾਮ ਹੈਰੋਇਨ ਅਤੇ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਹਰਪ੍ਰੀਤ ਸਿੰਘ ਉਰਫ਼ ਰਾਜਾ, ਜਤਿੰਦਰ ਸਿੰਘ ਉਰਫ਼ ਮੰਗਾ, ਸੁਖਚੈਨ ਸਿੰਘ ਸਮੇਤ ਕਈ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਕਥਿਤ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਕਾਬੂ ਕੀਤਾ ਗਿਆ।ਖਾਲੜਾ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਦਿਆਂ ਇੱਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ। ਸਰਹਾਲੀ ਥਾਣਾ ਪੁਲਿਸ ਨੇ ਇੱਕ ਮੁਲਜ਼ਮ ਕੋਲੋਂ 37,500 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ। ਇਸੇ ਤਰ੍ਹਾਂ ਹਰੀਕੇ ਥਾਣਾ ਖੇਤਰ ਵਿੱਚ ਵੀ 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH