
ਚੰਡੀਗੜ੍ਹ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ, ਸਨਮਾਨ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਬਿਹਤਰ ਜੀਵਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ 1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਦਾ ਉਦੇਸ਼ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਤਹਿਤ ਬਜ਼ੁਰਗਾਂ ਦੇ ਅਧਿਕਾਰਾਂ, ਸਰਕਾਰੀ ਭਲਾਈ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ ਅਤੇ ਭਾਵਨਾਤਮਕ ਸਹਾਰਾ ਦੇਣ ਲਈ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲੈਨ ਨੂੰ ਲਾਗੂ ਕਰਨ ਲਈ 598.75 ਲੱਖ ਰੁਪਏ ਦੀ ਵਿੱਤੀ ਵਿਵਸਥਾ ਕੀਤੀ ਗਈ ਹੈ। ਇਸ ਰਾਸ਼ੀ ਨਾਲ ਮੁਫ਼ਤ ਸਿਹਤ ਜਾਂਚ ਕੈਂਪ, ਅੱਖਾਂ ਦੀ ਜਾਂਚ, ਲੋੜਵੰਦ ਬਜ਼ੁਰਗਾਂ ਦੀ ਕੈਟਰੇਕਟ ਸਰਜਰੀ ਅਤੇ ਜੈਰੀਐਟ੍ਰਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਜੈਰੀਐਟ੍ਰਿਕ ਕੇਅਰਗਿਵਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਡਿਜੀਟਲ ਅਤੇ ਵਿੱਤੀ ਸਾਖਰਤਾ, ਸਰਗਰਮ ਬਜ਼ੁਰਗ ਜੀਵਨ, ਜਾਗਰੂਕਤਾ ਮੁਹਿੰਮਾਂ ਅਤੇ ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਵਾਲੀਆਂ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।
ਮੰਤਰੀ ਨੇ ਸਿਹਤ ਵਿਭਾਗ ਨੂੰ ਨਿਯਮਿਤ ਸਿਹਤ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਮੇਂ ਸਿਰ ਜਾਂਚ, ਇਲਾਜ, ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਯਕੀਨੀ ਬਣਾਈਆਂ ਜਾਣ। ਇਸ ਦੇ ਨਾਲ ਸਿਖਲਾਈ ਪ੍ਰਾਪਤ ਕੇਅਰਗਿਵਰਾਂ ਦੀ ਉਪਲਬਧਤਾ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਸਟੇਟ ਐਕਸ਼ਨ ਪਲੈਨ ਨੂੰ ਜ਼ਮੀਨੀ ਪੱਧਰ ’ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਅਤੇ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਜ਼ਿਲ੍ਹਾ ਪੱਧਰੀ ਕਾਰਜ ਯੋਜਨਾਵਾਂ, ਫੰਡਾਂ ਦੀ ਵਰਤੋਂ, ਜਾਗਰੂਕਤਾ ਗਤੀਵਿਧੀਆਂ ਅਤੇ ਨਿਗਰਾਨੀ ਪ੍ਰਣਾਲੀ ਬਾਰੇ ਵੀ ਵਿਚਾਰ ਕੀਤਾ ਗਿਆ।
ਡਾ. ਬਲਜੀਤ ਕੌਰ ਨੇ ਉਮੀਦ ਜਤਾਈ ਕਿ ਸਾਂਝੇ ਯਤਨਾਂ ਨਾਲ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਦੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਬਜ਼ੁਰਗਾਂ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH