
ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ ਅਤੇ ਵਰਗਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਵੀ ਦਰਜ ਹੈ। ਇਹ ਬਾਣੀ ਮਨੁੱਖ ਨੂੰ ਜਾਤ-ਪਾਤ, ਧਰਮ ਅਤੇ ਹੋਰ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ, ਭਾਈਚਾਰਕ ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਨੂੰ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਜੀਵਨ ਦੇ ਨਾਲ ਸਮਾਜਿਕ ਜੀਵਨ ਨੂੰ ਵੀ ਨੈਤਿਕ, ਸੁਚੱਜਾ ਅਤੇ ਆਦਰਸ਼ ਬਣਾਉਣ ਲਈ ਮਾਰਗਦਰਸ਼ਨ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੇ ਮਨੁੱਖ ਗੁਰਬਾਣੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਵੇ ਤਾਂ ਸਮਾਜ ਵਿੱਚੋਂ ਨਫ਼ਰਤ, ਵਿਤਕਰੇ ਅਤੇ ਵੈਰ-ਵਿਰੋਧ ਨੂੰ ਘਟਾ ਕੇ ਸਾਂਝ ਅਤੇ ਸਦਭਾਵਨਾ ਵਾਲਾ ਮਾਹੌਲ ਸਿਰਜਿਆ ਜਾ ਸਕਦਾ ਹੈ।
ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਇਸ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਆਧਾਰ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਸੰਗਤ ਨੂੰ ਖੰਡੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਪ੍ਰੇਰਿਤ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH