
ਅੰਮ੍ਰਿਤਸਰ, 14 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਪੁਲਿਸ ਅਤੇ ਨਗਰ ਨਿਗਮ ਦੀ ਟੀਮ ਨੇ ਸੋਮਵਾਰ ਨੂੰ ਕਥਿਤ ਨਸ਼ਾ ਤਸਕਰ ਰਾਣੀ ਪਤਨੀ ਵੀਰ ਸਿੰਘ ਦੇ ਮਕਾਨ ਨੂੰ ਢਾਹ ਦਿੱਤਾ। ਪੁਲਿਸ ਮੁਤਾਬਕ ਮਕਾਨ ਵਿੱਚ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀ ਕੀਤੀ ਗਈ ਸੀ ਅਤੇ ਇਹ ਘਰ ਨਸ਼ਾ ਤਸਕਰੀ ਤੋਂ ਕਮਾਈ ਗਈ ਰਕਮ ਨਾਲ ਬਣਾਏ ਜਾਣ ਦਾ ਦੋਸ਼ ਹੈ। ਕਾਰਵਾਈ ਦੌਰਾਨ ਪੁਲਿਸ ਅਤੇ ਨਗਰ ਨਿਗਮ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਰਹੀਆਂ।
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਰਾਣੀ ਖ਼ਿਲਾਫ਼ ਪਹਿਲਾਂ ਹੀ 6 ਅਪਰਾਧਿਕ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਉਸ ਦੇ ਦੋਵਾਂ ਪੁੱਤਰਾਂ ਖ਼ਿਲਾਫ਼ ਵੀ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਹੈ। ਪੁਲਿਸ ਮੁਤਾਬਕ ਇੱਕ ਪੁੱਤਰ ਰਾਜੂ ਤਰਨਤਾਰਨ ਵਿੱਚ ਰਹਿੰਦਾ ਹੈ, ਜਦਕਿ ਦੂਜਾ ਪੁੱਤਰ ਚਰਨਜੀਤ ਸਿੰਘ ਉਰਫ਼ ਕੀਪਾ ਅੰਮ੍ਰਿਤਸਰ ਦੇ ਮੂਲੇਚੱਕ ਇਲਾਕੇ ਵਿੱਚ ਰਹਿ ਰਿਹਾ ਹੈ।
ਸੀਪੀ ਗਿੱਲ ਨੇ ਕਿਹਾ ਕਿ ਰਾਣੀ ਲੰਬੇ ਸਮੇਂ ਤੋਂ ਕਥਿਤ ਤੌਰ ’ਤੇ ਨਸ਼ਾ ਤਸਕਰੀ ਨਾਲ ਜੁੜੀ ਹੋਈ ਸੀ। ਇੱਕ ਮਾਮਲੇ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ, ਜਦਕਿ ਹੋਰ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਜਾਰੀ ਹੈ।
ਸੀਪੀ ਨੇ ਕਿਹਾ ਕਿ ਪੁਲਿਸ ਅਤੇ ਨਗਰ ਨਿਗਮ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਨਾਜਾਇਜ਼ ਉਸਾਰੀ ਸਾਹਮਣੇ ਆਵੇਗੀ, ਉੱਥੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਮਕਬੂਲਪੁਰਾ ਇਲਾਕੇ ਵਿੱਚ ਵੀ ਇੱਕ ਕਥਿਤ ਨਸ਼ਾ ਤਸਕਰ ਖ਼ਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਸੀ। ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਸੀਪੀ ਵੱਲੋਂ ਕਹੀ ਗਈ ਹੈ।
ਸੀਪੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਦੇ ਨਾਲ-ਨਾਲ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣਾ ਵੀ ਜ਼ਰੂਰੀ ਹੈ। ਇਸ ਲਈ ਗੱਲਬਾਤ, ਕਾਊਂਸਲਿੰਗ ਅਤੇ ਇਲਾਜ ’ਤੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਸਬੰਧੀ ਇੱਕ ਕਮੇਟੀ ਬਣਾਈ ਗਈ ਹੈ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਕਰਮਚਾਰੀ ਗੈਂਗਸਟਰਾਂ ਜਾਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਦਾ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮਦਦ ਜਾਂ ਸੁਰੱਖਿਆ ਦਿੰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH