ਕਪੂਰਥਲਾ ਦੇ ਆਮ ਆਦਮੀ ਕਲੀਨਿਕਾਂ ਤੋਂ 15 ਲੱਖ ਤੋਂ ਵੱਧ ਮਰੀਜ਼ਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ
ਜ਼ਿਲ੍ਹੇ ਵਿੱਚ 29 ਆਮ ਆਦਮੀ ਕਲੀਨਿਕ ਕਾਰਜਸ਼ੀਲ, 12 ਹੋਰ ਕਲੀਨਿਕ ਜਲਦ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ ਕਪੂਰਥਲਾ, 14 ਸਤੰਬਰ (ਹਿੰ.ਸ.)| ਕਪੂਰਥਲਾ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ


ਜ਼ਿਲ੍ਹੇ ਵਿੱਚ 29 ਆਮ ਆਦਮੀ ਕਲੀਨਿਕ ਕਾਰਜਸ਼ੀਲ, 12 ਹੋਰ ਕਲੀਨਿਕ ਜਲਦ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ

ਕਪੂਰਥਲਾ, 14 ਸਤੰਬਰ (ਹਿੰ.ਸ.)| ਕਪੂਰਥਲਾ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਦੇ 15,13,873 ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਰਾਹੀਂ ਮੁਫ਼ਤ ਓ.ਪੀ.ਡੀ. ਸੇਵਾਵਾਂ ਅਤੇ ਇਲਾਜ ਦਾ ਲਾਭ ਲਿਆ ਹੈ।

ਜ਼ਿਲ੍ਹੇ ਵਿੱਚ ਇਸ ਸਮੇਂ 29 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਨਾਲ ਲੋਕਾਂ ਦੇ ਸਮੇਂ ਅਤੇ ਇਲਾਜ ’ਤੇ ਹੋਣ ਵਾਲੇ ਖਰਚੇ ਦੀ ਬੱਚਤ ਹੋਣ ਦੇ ਨਾਲ-ਨਾਲ ਵੱਡੇ ਸਰਕਾਰੀ ਹਸਪਤਾਲਾਂ ’ਤੇ ਮਰੀਜ਼ਾਂ ਦਾ ਬੋਝ ਵੀ ਘਟਿਆ ਹੈ।

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਤੱਕ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸਿਹਤ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 12 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਸਬੰਧੀ ਕਾਰਜਕਾਰੀ ਏਜੰਸੀਆਂ ਨੂੰ ਬਕਾਇਆ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਹੀ ਮੁੱਢਲੀਆਂ ਸਿਹਤ ਸਹੂਲਤਾਂ, ਡਾਕਟਰੀ ਸਲਾਹ, ਜਾਂਚ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਮ ਅਤੇ ਜ਼ਰੂਰੀ ਬਿਮਾਰੀਆਂ ਲਈ 112 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ ਬਿਮਾਰੀਆਂ ਦੀ ਪਛਾਣ ਲਈ 42 ਕਿਸਮ ਦੇ ਮੁਫ਼ਤ ਲੈਬਾਰਟਰੀ ਟੈਸਟ ਉਪਲਬਧ ਹਨ।

ਉਨ੍ਹਾਂ ਦੱਸਿਆ ਕਿ ਕੁੱਤੇ ਦੇ ਵੱਢਣ ਦੇ ਮਾਮਲਿਆਂ ਵਿੱਚ ਐਂਟੀ-ਰੈਬੀਜ਼ ਟੀਕਾਕਰਨ, ਗਰਭਵਤੀ ਔਰਤਾਂ ਲਈ ਮਾਤਾ-ਸਿਹਤ ਸੇਵਾਵਾਂ ਅਤੇ ਐਮਪੈਨਲਡ ਸਕੈਨਿੰਗ ਕੇਂਦਰਾਂ ਰਾਹੀਂ ਮੁਫ਼ਤ ਅਲਟਰਾਸਾਊਂਡ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਚਿਆਂ ਲਈ ਟੀਕਾਕਰਨ ਸੇਵਾਵਾਂ ਵੀ ਉਪਲਬਧ ਹਨ।

ਡਾ. ਪਰਾਸ਼ਰ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਮਰੀਜ਼ਾਂ ਦੇ ਸਿਹਤ ਰਿਕਾਰਡ ਡਿਜੀਟਾਈਜ਼ ਕਰਕੇ ਉਨ੍ਹਾਂ ਦੀ ਆਭਾ ਆਈ.ਡੀ. ਨਾਲ ਜੋੜੇ ਜਾ ਰਹੇ ਹਨ। ਇਸ ਨਾਲ ਮਰੀਜ਼ਾਂ ਨੂੰ ਆਪਣੇ ਸਿਹਤ ਰਿਕਾਰਡ ਤੱਕ ਡਿਜੀਟਲ ਪਹੁੰਚ ਮਿਲਦੀ ਹੈ ਅਤੇ ਕਾਗਜ਼ੀ ਰਿਪੋਰਟਾਂ ਸੰਭਾਲਣ ਦੀ ਲੋੜ ਘਟਦੀ ਹੈ। ਲੋੜ ਪੈਣ ’ਤੇ ਮਰੀਜ਼ਾਂ ਨੂੰ ਵਿਸ਼ੇਸ਼ ਜਾਂ ਤੀਜੇ ਦਰਜੇ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕਰਨ ਦਾ ਵੀ ਪ੍ਰਭਾਵਸ਼ਾਲੀ ਪ੍ਰਬੰਧ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande