
ਫਰੀਦਕੋਟ, 17 ਸਤੰਬਰ (ਹਿੰ.ਸ.)| ਫਰੀਦਕੋਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਨਾਲ ਕਥਿਤ ਤੌਰ ’ਤੇ ਜੁੜੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਵਾਸੀ ਰਾਜਬੀਰ ਸਿੰਘ ਉਰਫ਼ ਅਮਿਤ, ਅਮਰ ਸਿੰਘ ਉਰਫ਼ ਅਮਰ ਅਤੇ ਦੀਪ ਸਿੰਘ ਉਰਫ਼ ਦੀਪਕ ਵਜੋਂ ਹੋਈ ਹੈ।
ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਹੁਣ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਬਾਰੇ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੋਟਕਪੂਰਾ ਰੋਡ ਸਥਿਤ ਨਹਿਰ ਪੁਲ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਨਾਲ ਜੁੜੇ ਕੁਝ ਵਿਅਕਤੀ ਭਾਰੀ ਮਾਤਰਾ ਵਿੱਚ ਹਥਿਆਰ ਲੈ ਕੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਆਸ-ਪਾਸ ਪੈਦਲ ਘੁੰਮ ਰਹੇ ਹਨ।
ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਕਥਿਤ ਤੌਰ ’ਤੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਗੋਲਾ-ਬਾਰੂਦ ਮੰਗਵਾਉਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਪੁਲਿਸ ਨੂੰ ਸ਼ੱਕ ਹੈ ਕਿ ਬਰਾਮਦ ਹਥਿਆਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾਂ ਅੱਗੇ ਸਪਲਾਈ ਕਰਨ ਲਈ ਲਿਆਂਦੇ ਗਏ ਸਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 10 ਪਿਸਤੌਲ ਬਰਾਮਦ ਕੀਤੇ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ, ਇਨ੍ਹਾਂ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ ਅਤੇ ਗਿਰੋਹ ਪਿੱਛੇ ਹੋਰ ਕਿਹੜੇ ਵਿਅਕਤੀ ਸਰਗਰਮ ਹਨ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH