
ਪਟਿਆਲਾ, 18 ਸਤੰਬਰ (ਹਿੰ.ਸ.)| ਪਟਿਆਲਾ ਸ਼ਹਿਰ ਵਿੱਚ ਟੁੱਟੀਆਂ ਸੜਕਾਂ, ਸਫ਼ਾਈ ਦੀ ਘਾਟ, ਬਰਸਾਤ ਤੋਂ ਬਾਅਦ ਪਾਣੀ ਖੜ੍ਹਨ ਅਤੇ ਖਾਲੀ ਪਲਾਟਾਂ ਵਿੱਚ ਕੂੜਾ-ਕਰਕਟ ਸੁੱਟਣ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ, 7 ਦਿਨ ਕਾਰਜਸ਼ੀਲ ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ ਕੀਤਾ ਗਿਆ ਹੈ। ਲੋਕ ਇਸ ਨੰਬਰ ’ਤੇ ਸਬੰਧਤ ਸਥਾਨ ਦੀ ਲੋਕੇਸ਼ਨ ਅਤੇ ਫੋਟੋਆਂ ਭੇਜ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਪਟਾਰੇ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸ਼ਹਿਰ ਵਿੱਚ ਕੂੜਾ ਸੁੱਟੇ ਜਾਣ ਵਾਲੇ ਪਛਾਣੇ ਗਏ 172 ਪ੍ਰਮੁੱਖ ਸਥਾਨਾਂ ਦੀ ਗਿਣਤੀ ਘਟਾਉਣ ਲਈ ਯਤਨ ਤੇਜ਼ ਕੀਤੇ ਜਾਣ। ਉਨ੍ਹਾਂ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੇ ਰੈਸਟੋਰੈਂਟਾਂ, ਢਾਬਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿਰੁੱਧ ਨਿਯਮਾਂ ਅਨੁਸਾਰ ਜੁਰਮਾਨੇ ਕਰਨ ਅਤੇ ਪ੍ਰਭਾਵਸ਼ਾਲੀ ਇਨਫੋਰਸਮੈਂਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਾ. ਅਗਰਵਾਲ ਨੇ ਕਿਹਾ ਕਿ ਖਾਲੀ ਪਲਾਟਾਂ ਵਿੱਚ ਗੰਦਗੀ, ਕੂੜਾ-ਕਰਕਟ ਅਤੇ ਪਾਣੀ ਖੜ੍ਹਨ ਸਬੰਧੀ ਸ਼ਿਕਾਇਤਾਂ ਵੀ ਹੈਲਪਲਾਈਨ ’ਤੇ ਭੇਜੀਆਂ ਜਾ ਸਕਦੀਆਂ ਹਨ। ਖਾਲੀ ਪਲਾਟ ਦੀ ਸਫ਼ਾਈ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਮਾਲਕ ਜਾਂ ਕਾਬਜ਼ ਨੂੰ ਨਿਯਮਾਂ ਅਨੁਸਾਰ ਜੁਰਮਾਨਾ ਲਗਾਉਣ ਦੇ ਨਾਲ ਸਫ਼ਾਈ ’ਤੇ ਆਇਆ ਖਰਚਾ ਵੀ ਵਸੂਲਿਆ ਜਾਵੇਗਾ। ਭੁਗਤਾਨ ਨਾ ਹੋਣ ’ਤੇ ਮਾਲ ਰਿਕਾਰਡ ਵਿੱਚ ਸਬੰਧਤ ਜਾਇਦਾਦ ਵਿਰੁੱਧ ਐਂਟਰੀ ਦਰਜ ਕੀਤੀ ਜਾਵੇਗੀ। ਇਸ ਸਬੰਧੀ ਕਾਰਵਾਈ 21 ਸਤੰਬਰ 2026 ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਪ੍ਰਮੁੱਖ ਚੌਕਾਂ ਦੀ ਸਫ਼ਾਈ ਅਤੇ ਸੁੰਦਰੀਕਰਨ, ਕੂੜਾ ਛਾਂਟਣ ਤੇ ਰੀਸਾਈਕਲਿੰਗ ਕੇਂਦਰਾਂ, ਘਰ-ਘਰ ਕੂੜਾ ਇਕੱਠਾ ਕਰਨ ਅਤੇ ਬਾਇਓ-ਮਾਈਨਿੰਗ ਰਾਹੀਂ ਕੂੜਾ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੂੜਾ ਰਾਤ ਸਮੇਂ ਵੀ ਚੁੱਕਿਆ ਜਾਵੇ ਅਤੇ ਜਿੱਥੇ ਵੱਡੀ ਮਾਤਰਾ ਵਿੱਚ ਕੂੜਾ ਸੁੱਟਿਆ ਜਾਂਦਾ ਹੈ, ਉੱਥੇ ਸੀਸੀਟੀਵੀ ਕੈਮਰੇ ਲਗਾ ਕੇ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕੀਤੀ ਜਾਵੇ।
ਉਨ੍ਹਾਂ ਅਬਲੋਵਾਲ ਡੇਅਰੀ ਪ੍ਰੋਜੈਕਟ ਨਾਲ ਸਬੰਧਤ ਰਹਿੰਦੀ ਸੜਕ ਦਾ ਨਿਰਮਾਣ 30 ਸਤੰਬਰ ਤੱਕ ਮੁਕੰਮਲ ਕਰਨ ਅਤੇ ਸ਼ਹਿਰ ਦੀਆਂ ਡੇਅਰੀਆਂ ਨੂੰ ਇੱਥੇ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ। ਗਊ ਸੈੱਸ ਦੀ ਵਸੂਲੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਪੈਟਰੋਲ-ਡੀਜ਼ਲ, ਇਸ਼ਤਿਹਾਰਬਾਜ਼ੀ, ਰੈਂਟ/ਲੀਜ਼, ਸੀਮਿੰਟ, ਰੇਤਾ-ਬਜਰੀ ਅਤੇ ਮੈਰਿਜ ਪੈਲੇਸਾਂ ਤੋਂ ਨਿਯਮਤ ਵਸੂਲੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਮੱਛੀ ਮੰਡੀ ਪ੍ਰੋਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਖੁੱਲ੍ਹੀਆਂ ਥਾਵਾਂ ’ਤੇ ਮੱਛੀ ਦੀ ਵਿਕਰੀ ਰੋਕਣ ਲਈ ਕਾਰਵਾਈ ਕਰਨ ਲਈ ਕਿਹਾ। ਰਾਜਿੰਦਰਾ ਝੀਲ ਦੇ ਸੁੰਦਰੀਕਰਨ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ ਸ਼ਹਿਰੀ ਵਿਕਾਸ, ਪਾਰਕਾਂ, ਸਟਰੀਟ ਲਾਈਟਾਂ, ਆਵਾਜਾਈ ਪ੍ਰਬੰਧਨ, ਅਵਾਰਾ ਪਸ਼ੂਆਂ ਅਤੇ ਹੋਰ ਲੋਕ-ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ਵਿੱਚ ਪਟਿਆਲਾ ਡਿਵੈਲਪਮੈਂਟ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ., ਓਐਸਡੀ ਸ਼ਹਿਰੀ ਵਿਕਾਸ ਮੁਕਲਿਨ ਆਰ., ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH