
ਕਿਹਾ- ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ, ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ
ਬਟਾਲਾ, 18 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਾਤਾ ਸੁਲੱਖਣੀ ਜੀ ਨਾਲ ਪਾਵਨ ਵਿਆਹ ਬਟਾਲਾ ਸ਼ਹਿਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਦੀ ਧਰਤੀ ਨੂੰ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਪ੍ਰਾਪਤ ਹੋਈ। ਅੱਜ ਦੇਸ਼-ਵਿਦੇਸ਼ ਤੋਂ ਸੰਗਤਾਂ ਬਟਾਲਾ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ’ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਆਦਿਤਿਆ ਉੱਪਲ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਨੂੰ ਦੇਖਦਿਆਂ ਆਵਾਜਾਈ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਾਵਨ ਵਿਆਹ ਪੁਰਬ ਸਮਾਗਮਾਂ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸ਼ਰਧਾ ਤੇ ਅਨੁਸ਼ਾਸਨ ਨਾਲ ਸਮਾਗਮਾਂ ਵਿੱਚ ਸ਼ਾਮਲ ਹੋਣ।
ਹਿੰਦੂਸਥਾਨ ਸਮਾਚਾਰ / GURSHARAN SINGH