ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ
ਲੰਬਿਤ ਮੰਗਾਂ ’ਤੇ ਠੋਸ ਫੈਸਲਾ ਨਾ ਹੋਣ ਦਾ ਦੋਸ਼, ਸਰਕਾਰ ਨਾਲ ਮੁਲਾਕਾਤਾਂ ਮੁਲਤਵੀ ਹੋਣ ’ਤੇ ਵਧਿਆ ਰੋਸ ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹ
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ


ਲੰਬਿਤ ਮੰਗਾਂ ’ਤੇ ਠੋਸ ਫੈਸਲਾ ਨਾ ਹੋਣ ਦਾ ਦੋਸ਼, ਸਰਕਾਰ ਨਾਲ ਮੁਲਾਕਾਤਾਂ ਮੁਲਤਵੀ ਹੋਣ ’ਤੇ ਵਧਿਆ ਰੋਸ

ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ। ਯੂਨੀਅਨ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।

ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰਨਾ ਅਤੇ ਕੰਡਮ ਹੋ ਚੁੱਕੀਆਂ ਪਨਬੱਸਾਂ ਦੀ ਥਾਂ ਨਵੀਆਂ ਬੱਸਾਂ ਸ਼ਾਮਲ ਕਰਨਾ ਸ਼ਾਮਲ ਹੈ। ਯੂਨੀਅਨ ਮੁਤਾਬਕ 400 ਤੋਂ ਵੱਧ ਪਨਬੱਸਾਂ ਕੰਡਮ ਹੋ ਚੁੱਕੀਆਂ ਹਨ।

ਇਸ ਤੋਂ ਇਲਾਵਾ 10 ਤੋਂ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕੰਟਰੈਕਟ ’ਤੇ ਸੇਵਾਵਾਂ ਨਿਭਾ ਰਹੇ 1200 ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਲਾਗੂ ਕਰਨ ਅਤੇ ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਮੰਗ ਵੀ ਯੂਨੀਅਨ ਵੱਲੋਂ ਰੱਖੀ ਗਈ ਹੈ।

ਯੂਨੀਅਨ ਆਗੂਆਂ ਅਨੁਸਾਰ 26 ਅਗਸਤ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਸ ਤੋਂ ਬਾਅਦ 9 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ, ਜਦਕਿ 17 ਸਤੰਬਰ ਦੀ ਪ੍ਰਸਤਾਵਿਤ ਮੀਟਿੰਗ ਵੀ ਪੋਸਟਪੋਨ ਕਰ ਦਿੱਤੀ ਗਈ।

ਯੂਨੀਅਨ ਦਾ ਦੋਸ਼ ਹੈ ਕਿ ਵਾਰ-ਵਾਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ। ਆਗੂਆਂ ਮੁਤਾਬਕ ਹੁਣ ਮੰਗਾਂ ਦੇ ਹੱਲ ਲਈ ਸੰਘਰਸ਼ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ, ਜਿਸ ਕਾਰਨ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ।

ਯੂਨੀਅਨ ਨੇ ਆਊਟਸੋਰਸਿੰਗ ਰਾਹੀਂ ਹੋ ਰਹੀ ਭਰਤੀ ਵਿੱਚ ਕਥਿਤ ਬੇਨਿਯਮੀਆਂ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਆਗੂਆਂ ਦਾ ਦੋਸ਼ ਹੈ ਕਿ ਪਹਿਲਾਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਨਵੀਂ ਭਰਤੀ ਕੀਤੀ ਜਾ ਰਹੀ ਹੈ।

ਯੂਨੀਅਨ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ 22 ਸਤੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ। ਇਸ ਹੜਤਾਲ ਕਾਰਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀ ਬੱਸ ਸੇਵਾ ’ਤੇ ਅਸਰ ਪੈਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande