ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’, ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ: ਮੰਤਰੀ ਡਾ. ਬਲਬੀਰ ਸਿੰਘ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ ਨਾਲ ਮਿਲ ਕੇ ਕੰਮ ਕਰਾਂਗੇ : ਡਾ. ਬਲਬੀਰ ਸਿੰਘ ਪਟਿਆਲਾ, 18 ਸਤੰਬਰ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ‘ਯੁੱਧ ਨਸ਼ਿਆ
ਸੰਬੋਧਨ ਕਰਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ


‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ ਨਾਲ ਮਿਲ ਕੇ ਕੰਮ ਕਰਾਂਗੇ : ਡਾ. ਬਲਬੀਰ ਸਿੰਘ

ਪਟਿਆਲਾ, 18 ਸਤੰਬਰ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੁਣ ਇਸ ਮੁਹਿੰਮ ਨੂੰ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਹੋਰ ਮਜ਼ਬੂਤ ਕੀਤਾ ਜਾਵੇਗਾ।

ਸਰਕਾਰੀ ਬਿਕਰਮ ਕਾਲਜ, ਪਟਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਆਧੁਨਿਕ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਡ੍ਰੋਨ ਰਾਹੀਂ ਨਿਗਰਾਨੀ ਰੱਖਦਿਆਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ‘ਬਾਜ਼ ਅੱਖ’ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ, ਜਦਕਿ ਨਸ਼ਿਆਂ ਦੀ ਜਕੜ ਵਿੱਚ ਫਸੇ ਨੌਜਵਾਨਾਂ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਸੂਬੇ ਵਿੱਚੋਂ ਨਸ਼ਿਆਂ ਦੀਆਂ ਜੜ੍ਹਾਂ ਖ਼ਤਮ ਕਰਨਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਡੀ-ਐਡਿਕਸ਼ਨ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਬੰਦ ਨਸ਼ਾ-ਨਿਰਭਰ ਵਿਅਕਤੀਆਂ ਲਈ ਵੀ ਇਲਾਜ ਅਤੇ ਲੋੜੀਂਦੀ ਸਹਾਇਤਾ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਨਾਲ ਸਬੰਧਤ ਮੀਟਿੰਗਾਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ, ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਅੱਗੇ ਵਧਿਆ ਜਾ ਰਿਹਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸਟੇਜ ਸਕੱਤਰ ਜਗਤਾਰ ਸਿੰਘ ਜੱਗਾ, ਐੱਸ.ਡੀ.ਐੱਮ. ਗੁਰਦੇਵ ਸਿੰਘ ਧਮ, ਡੀ.ਐੱਸ.ਪੀ., ਸਿਹਤ ਵਿਭਾਗ ਦੇ ਅਧਿਕਾਰੀ, ਕਾਲਜ ਦੇ ਵਿਦਿਆਰਥੀ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande