
ਐਨਐਚਆਰਸੀ ਦੇ ਸਪੈਸ਼ਲ ਮਾਨੀਟਰ ਨੇ ਪਟਿਆਲਾ ਵਿੱਚ ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਦੇ ਹੱਕਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ
ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨਐਚਆਰਸੀ) ਦੇ ਸਪੈਸ਼ਲ ਮਾਨੀਟਰ (ਬੱਚੇ ਅਤੇ ਬਜ਼ੁਰਗ ਨਾਗਰਿਕ) ਬਾਲ ਕ੍ਰਿਸ਼ਨ ਗੋਇਲ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਅਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਗੋਇਲ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੱਚਿਆਂ, ਬਜ਼ੁਰਗਾਂ ਅਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਲੋਕਾਂ ਨੂੰ ਆਪਣੇ ਮਨੁੱਖੀ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਪਲਬਧ ਕਾਨੂੰਨੀ ਤੇ ਸੰਸਥਾਗਤ ਵਿਵਸਥਾਵਾਂ ਬਾਰੇ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਲੋਕਾਂ ਨੂੰ ਸਬੰਧਤ ਅਥਾਰਟੀ ਨੂੰ ਸੂਚਿਤ ਕਰਨਾ ਚਾਹੀਦਾ ਹੈ।
ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬੱਚਿਆਂ ਨੂੰ ਐਮਰਜੈਂਸੀ ਨੰਬਰ 112 ਅਤੇ ਚਾਈਲਡ ਹੈਲਪਲਾਈਨ 1098 ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ। ਬੱਚਿਆਂ ਵਿੱਚ ਜਾਗਰੂਕਤਾ ਵਧਾਉਣ ਲਈ ਵੂਮੈਨ ਤੇ ਚਾਈਲਡ ਕਮਿਸ਼ਨ ਦੀ ਫ਼ਿਲਮ ‘ਕੋਮਲ’ ਦਿਖਾਉਣ ਦਾ ਸੁਝਾਅ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 21 ਤਹਿਤ ਪ੍ਰਾਪਤ ਜੀਵਨ ਦੇ ਅਧਿਕਾਰ ਦੀ ਰੱਖਿਆ ਮਹੱਤਵਪੂਰਨ ਹੈ ਅਤੇ ਐਨਐਚਆਰਸੀ ਨਾਗਰਿਕਾਂ ਦੀ ਮਰਿਆਦਾ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੰਮ ਕਰ ਰਿਹਾ ਹੈ।
ਪਟਿਆਲਾ ਦੌਰੇ ਦੌਰਾਨ ਗੋਇਲ ਨੇ ਕੇਂਦਰੀ ਜੇਲ੍ਹ, ਪੀਡੀਐਸ ਵੰਡ ਕੇਂਦਰਾਂ, ਪੁਲਿਸ ਥਾਣੇ, ਹਸਪਤਾਲ, ਚਾਈਲਡ ਕੇਅਰ ਇੰਸਟੀਚਿਊਸ਼ਨਜ਼, ਬਿਰਧ ਆਸ਼ਰਮ, ਸਰਕਾਰੀ ਅਤੇ ਰਿਹਾਇਸ਼ੀ ਸਕੂਲਾਂ, ਆਬਜ਼ਰਵੇਸ਼ਨ ਹੋਮ, ਵਨ ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਸੰਸਥਾਵਾਂ ਵਿੱਚ ਉਪਲਬਧ ਸਹੂਲਤਾਂ ਅਤੇ ਲਾਭਪਾਤਰੀਆਂ ਦੇ ਹੱਕਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ।
ਉਨ੍ਹਾਂ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਐਨਐਚਆਰਸੀ ਦੇ ਆਨਲਾਈਨ ਪੋਰਟਲ hrcnet.nic.in ’ਤੇ ਦਰਜ ਕਰਵਾਉਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਏਡੀਸੀ (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਗੋਇਲ ਦਾ ਸਵਾਗਤ ਕੀਤਾ। ਐਸਪੀ ਸਿਟੀ ਮੋਹਿਤ ਅਗਰਵਾਲ ਨੇ ਵੀ ਪੁਲਿਸ ਵੱਲੋਂ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਅਤੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH