
ਮਾਲੇਰਕੋਟਲਾ, 18 ਸਤੰਬਰ (ਹਿੰ.ਸ.)| ਸੜਕ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਓਵਰਲੋਡਿੰਗ ਅਤੇ ਅਣਅਧਿਕਾਰਤ ਤਰੀਕੇ ਨਾਲ ਤਿਆਰ ਕੀਤੇ ‘ਜੁਗਾੜੂ’ ਵਾਹਨਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।
ਆਰਟੀਓ ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਵਾਹਨ ਦੀ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਲੱਦਣਾ ਨਾ ਸਿਰਫ਼ ਆਵਾਜਾਈ ਨਿਯਮਾਂ ਦੀ ਉਲੰਘਣਾ ਹੈ, ਸਗੋਂ ਇਹ ਸੜਕ ’ਤੇ ਆਉਣ-ਜਾਣ ਵਾਲੇ ਹੋਰ ਲੋਕਾਂ ਦੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਧ ਭਾਰ ਕਾਰਨ ਵਾਹਨ ਨੂੰ ਕਾਬੂ ਕਰਨ ਅਤੇ ਸਮੇਂ ਸਿਰ ਰੋਕਣ ਵਿੱਚ ਮੁਸ਼ਕਲ ਆ ਸਕਦੀ ਹੈ, ਜਿਸ ਨਾਲ ਹਾਦਸੇ ਦੀ ਸੰਭਾਵਨਾ ਵਧ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਵਾਹਨਾਂ ਦੇ ਮੂਲ ਢਾਂਚੇ ਵਿੱਚ ਅਣਅਧਿਕਾਰਤ ਤਬਦੀਲੀਆਂ ਕਰਕੇ ਬਣਾਏ ਗਏ ‘ਜੁਗਾੜੂ’ ਵਾਹਨ ਵੀ ਸੜਕ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹਨ। ਅਜਿਹੇ ਵਾਹਨਾਂ ਦੀ ਜਾਂਚ ਦੌਰਾਨ ਜੇਕਰ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਮੋਟਰ ਵਾਹਨ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਮਕਸਦ ਸਿਰਫ਼ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਾ ਨਹੀਂ, ਸਗੋਂ ਵਾਹਨ ਚਾਲਕਾਂ ਵਿੱਚ ਜ਼ਿੰਮੇਵਾਰ ਅਤੇ ਸੁਰੱਖਿਅਤ ਆਵਾਜਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਹੈ।
ਉਨ੍ਹਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਮਾਲ ਦੀ ਢੋਆ-ਢੁਆਈ ਵਾਹਨ ਦੀ ਮਨਜ਼ੂਰਸ਼ੁਦਾ ਸਮਰੱਥਾ ਅਨੁਸਾਰ ਹੀ ਕੀਤੀ ਜਾਵੇ ਅਤੇ ਵਾਹਨ ਦੇ ਮੂਲ ਢਾਂਚੇ ਵਿੱਚ ਕਿਸੇ ਵੀ ਕਿਸਮ ਦੀ ਅਣਅਧਿਕਾਰਤ ਤਬਦੀਲੀ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੁਰੱਖਿਅਤ ਸੜਕਾਂ ਸਿਰਫ਼ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨਾਲ ਨਹੀਂ, ਬਲਕਿ ਹਰ ਵਾਹਨ ਚਾਲਕ ਵੱਲੋਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਨਾਲ ਹੀ ਯਕੀਨੀ ਬਣ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH