
ਜਗਰਾਉਂ, 02 ਸਤੰਬਰ (ਹਿੰ.ਸ.)| ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਗਰਾਉਂ ਵਿਖੇ ਪਾਰਟੀ ਦੇ ਬੂਥ ਇੰਚਾਰਜਾਂ ਨਾਲ ਮੁਲਾਕਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਸਰਗਰਮ ਹੋਣ ਦਾ ਸੱਦਾ ਦਿੱਤਾ। ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਕਰਵਾਈ ਗਈ ‘ਬੂਥ ਇੰਚਾਰਜ ਮਿਲਣੀ’ ਵੱਡੀ ਇਕੱਠ ਦਾ ਰੂਪ ਧਾਰ ਗਈ।
ਮਨੀਸ਼ ਸਿਸੋਦੀਆ ਨੇ ਹਲਕੇ ਦੇ 194 ਬੂਥ ਇੰਚਾਰਜਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਮਜ਼ਬੂਤ ਸੰਗਠਨ ਹੀ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਦਾ ਆਧਾਰ ਬਣੇਗਾ।
ਸਿਸੋਦੀਆ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ, ਸੜਕਾਂ ਦੇ ਨਵੀਨੀਕਰਨ, ਸੜਕ ਸੁਰੱਖਿਆ ਫੋਰਸ, ਸਰਕਾਰੀ ਸਕੂਲਾਂ ਦੇ ਨਵੀਨੀਕਰਨ ਅਤੇ ‘ਸਕੂਲ ਆਫ਼ ਐਮੀਨੈਂਸ’ ਸਮੇਤ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਨਵੇਂ ਗਰਿੱਡ ਲਗਾਏ ਜਾ ਰਹੇ ਹਨ ਅਤੇ ਬਿਜਲੀ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਔਰਤਾਂ ਲਈ ‘ਮਾਵਾਂ-ਭੈਣਾਂ ਸਤਿਕਾਰ ਯੋਜਨਾ’, ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਅਤੇ ਬੇਲੋੜੇ ਟੋਲ ਪਲਾਜ਼ਿਆਂ ਨੂੰ ਖ਼ਤਮ ਕਰਨ ਵਰਗੇ ਕਦਮ ਚੁੱਕੇ ਗਏ ਹਨ।
ਸਿਸੋਦੀਆ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਦਿੱਤਾ ਸੀ ਅਤੇ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਮਾਂ ਲੱਗੇਗਾ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਤੱਕ ਸਰਕਾਰ ਦੇ ਕੰਮਾਂ ਦਾ ਸੁਨੇਹਾ ਪਹੁੰਚਾਉਣ ਅਤੇ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮਿਹਨਤ ਕਰਨ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋ. ਸੁਖਵਿੰਦਰ ਸਿੰਘ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਹਲਕੇ ਵਿੱਚ ਚੱਲ ਰਹੀਆਂ ਪਾਰਟੀ ਤੇ ਵਿਕਾਸ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਵਿਧਾਇਕਾ ਮਾਣੂੰਕੇ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਅਗਲੀ ਚੋਣ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੇ 16 ਬਲਾਕ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਵਿਧਾਇਕਾ ਮਾਣੂੰਕੇ ਨੇ ਪੰਜਾਬ ਪ੍ਰਭਾਰੀ ਦਾ ਧੰਨਵਾਦ ਕਰਦਿਆਂ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਪਾਰਟੀ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਪ੍ਰੋ. ਤੇਜਪਾਲ ਸਿੰਘ, ਪ੍ਰੋ. ਸੁਖਵਿੰਦਰ ਸਿੰਘ, ਸ਼ਰਨਪਾਲ ਸਿੰਘ ਮੱਕੜ, ਨਵਜੋਤ ਸਿੰਘ ਜਰਗ, ਕਰਮਜੀਤ ਸਿੰਘ ਡੱਲਾ, ਕੁਲਵਿੰਦਰ ਸਿੰਘ ਕਾਲਾ ਝੱਜ, ਕੰਵਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਬੂਥ ਇੰਚਾਰਜ, ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH