
ਪਟਿਆਲਾ, 02 ਸਤੰਬਰ (ਹਿੰ.ਸ.)। ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਦੇ ਮੰਡਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਵਿਨੈ ਬੁਬਲਾਨੀ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, 13-ਪਟਿਆਲਾ ਦੇ ਐਮਪੀ, ਸਮੂਹ ਵਿਧਾਇਕਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪਹਿਲੀ ਬੈਠਕ ਕੀਤੀ। ਮੀਟਿੰਗ ਵਿੱਚਐਸਆਈਆਰ ਦੇ ਨੋਟਿਸ ਪੜਾਅ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਨੈ ਬੁਬਲਾਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਐਸਆਈਆਰ ਦੌਰਾਨ ਉਹ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦਾ ਤਿੰਨ ਵਾਰ ਦੌਰਾ ਕਰਨਗੇ। ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਕੋਈ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੇ ਬੀਐਲਓ ਨਾਲ 12 ਸਤੰਬਰ ਤੱਕ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ 1861 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦਿਨ ਸਾਰੇ ਬੀਐਲਓ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਪੱਧਰ ’ਤੇ ਬਣੇ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਵਿਨੈ ਬੁਬਲਾਨੀ ਨੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪਿੰਗ ਤੋਂ ਵਾਂਝੇ ਰਹੇ 84,347 ਵੋਟਰਾਂ ਅਤੇ ਕੁਝ ਕਮੀਆਂ-ਪੇਸ਼ੀਆਂ ਵਾਲੇ 1,95,078 ਵੋਟਰਾਂ ਸਬੰਧੀ ਕੁੱਲ 2,79,425 ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਬੀਐਲਓ ਵੱਲੋਂ ਸਬੰਧਤ ਦਸਤਾਵੇਜ਼ ਵੀ ਇਕੱਠੇ ਕੀਤੇ ਜਾ ਰਹੇ ਹਨ। ਇਨ੍ਹਾਂ ਨੋਟਿਸਾਂ ਦੀ ਸੁਣਵਾਈ ਸਬੰਧਤ ਈਆਰਓ, ਏਈਆਰਓ ਵੱਲੋਂ ਕੀਤੀ ਜਾਵੇਗੀ ਅਤੇ ਸਾਰੇ ਮਾਮਲਿਆਂ ਦਾ ਨਿਪਟਾਰਾ 8 ਅਕਤੂਬਰ ਤੱਕ ਕੀਤਾ ਜਾਣਾ ਹੈ।
ਵਿਨੈ ਬੁਬਲਾਨੀ ਨੇ ਕਿਹਾ ਕਿ ਐਸਆਈਆਰ ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ, ਤਾਂ ਜੋ ਕੋਈ ਯੋਗ ਵਿਅਕਤੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਕੋਈ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।
ਹਿੰਦੂਸਥਾਨ ਸਮਾਚਾਰ / GURSHARAN SINGH