
ਮੋਹਾਲੀ, 20 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮੋਹਾਲੀ ਵਿੱਚ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਜਨਾ ਤਹਿਤ 1.26 ਕਰੋੜ ਤੋਂ ਵੱਧ ਸਿਹਤ ਕਾਰਡਾਂ ਰਾਹੀਂ 54 ਲੱਖ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 7 ਲੱਖ ਤੋਂ ਵੱਧ ਮਰੀਜ਼ਾਂ ਦੇ ਇਲਾਜ ’ਤੇ 1,310 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਪਰਿਵਾਰ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਜਾਂ ਵਿੱਤੀ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੁਤਾਬਕ ਲੋਕ ਆਪਣੀ ਪਸੰਦ ਦੇ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾ ਸਕਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ 1,100 ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਈਆਂ ਗਈਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਲਗਭਗ 5.5 ਕਰੋੜ ਓਪੀਡੀ ਦਰਜ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਿੰਨ ਮਹੀਨਿਆਂ ਦੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਰਾਹੀਂ ਪਰਿਵਾਰਾਂ ਨੂੰ ਵਿੱਤੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਦੀਵਾਲੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ।
ਸਿੱਖਿਆ ਅਤੇ ਖੇਡਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੱਖਾਂ ਖਿਡਾਰੀ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਯੋਜਨਾ ਤਹਿਤ ਡਾਇਲਸਿਸ, ਦਿਲ ਦੇ ਇਲਾਜ, ਕੈਂਸਰ, ਗੋਡੇ ਬਦਲਣ, ਮੋਤੀਆਬਿੰਦ, ਸੀ-ਸੈਕਸ਼ਨ ਡਿਲੀਵਰੀ, ਟਰਾਂਸਪਲਾਂਟ ਅਤੇ ਐਮਰਜੈਂਸੀ ਇਲਾਜ ਵਰਗੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਵਿੱਚ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਹੋਏ ਕਿਡਨੀ ਟਰਾਂਸਪਲਾਂਟ ਸਮੇਤ ਹੋਰ ਇਲਾਜਾਂ ਦਾ ਵੀ ਜ਼ਿਕਰ ਕੀਤਾ।
ਸਮਾਗਮ ਵਿੱਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH