
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਟੈਂਡਰ ਰੱਦ ਕਰਕੇ ਕੇਂਦਰਾਂ ਵਿੱਚ ਤਾਜ਼ਾ ਖਾਣਾ ਪਕਾਉਣ ਦੀ ਕੀਤੀ ਮੰਗ
ਬਠਿੰਡਾ, 20 ਸਤੰਬਰ (ਹਿੰ.ਸ.)| ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਂਗਣਵਾੜੀ ਕੇਂਦਰਾਂ ਲਈ ਰਾਸ਼ਨ ਅਤੇ ਖਾਣਾ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸ ਸਬੰਧੀ ਜਾਰੀ ਕੀਤੇ ਟੈਂਡਰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਲਈ ਤਾਜ਼ਾ ਖਾਣਾ ਕੇਂਦਰਾਂ ਵਿੱਚ ਹੀ ਤਿਆਰ ਕਰਕੇ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।
ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ ਜਥੇਬੰਦੀ ਦੀ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਆਂਗਣਵਾੜੀ ਕੇਂਦਰਾਂ ਲਈ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਮਿਲ ਰਹੇ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਜਥੇਬੰਦੀ ਨੇ ਲੰਬਾ ਸੰਘਰਸ਼ ਕੀਤਾ ਅਤੇ ਮਾਮਲਾ ਹਾਈਕੋਰਟ ਤੱਕ ਵੀ ਪਹੁੰਚਿਆ ਸੀ। ਯੂਨੀਅਨ ਮੁਤਾਬਕ ਇਸ ਤੋਂ ਬਾਅਦ ਸਰਕਾਰ ਨੂੰ ਸਬੰਧਤ ਟੈਂਡਰ ਰੱਦ ਕਰਨੇ ਪਏ ਸਨ।
ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਹੁਣ ਮੁੜ ਪ੍ਰਾਈਵੇਟ ਕੰਪਨੀਆਂ ਨੂੰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਇਸ ਸਬੰਧੀ ਟੈਂਡਰ ਵੀ ਹੋ ਚੁੱਕਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਵੇ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਹੀ ਤਾਜ਼ਾ ਭੋਜਨ ਤਿਆਰ ਕਰਵਾਇਆ ਜਾਵੇ।
ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਦੇ ਮੁੱਦੇ ’ਤੇ ਵੀ ਇਤਰਾਜ਼ ਜਤਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਵਰਕਰਾਂ ਉੱਪਰ ਪਹਿਲਾਂ ਹੀ ਕੰਮ ਦਾ ਬੋਝ ਹੈ ਅਤੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਵਾਧੂ ਕੰਮ ਉਨ੍ਹਾਂ ਤੋਂ ਨਹੀਂ ਕਰਵਾਇਆ ਜਾਣਾ ਚਾਹੀਦਾ।
ਯੂਨੀਅਨ ਨੇ ਪੰਜਾਬ ਸਰਕਾਰ ਤੋਂ ਆਪਣੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਅਤੇ ਮੌਜੂਦਾ ਮਾਣ-ਭੱਤਾ ਸਮੇਂ ਸਿਰ ਜਾਰੀ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਵਰਕਰਾਂ ਅਤੇ ਹੈਲਪਰਾਂ ਨਾਲ ਹੋ ਰਹੇ ਕਥਿਤ ਸ਼ੋਸ਼ਣ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।
ਜਥੇਬੰਦੀ ਨੇ ਐਲਾਨ ਕੀਤਾ ਕਿ ਸੰਘਰਸ਼ ਦੀ ਅਗਲੀ ਕੜੀ ਵਜੋਂ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਅਤੇ ਹੈਲਪਰ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ, ਵਿਤ ਸਕੱਤਰ ਬਲਵੀਰ ਕੌਰ ਮਾਨਸਾ, ਦਫ਼ਤਰ ਸਕੱਤਰ ਸਿੰਦਰਪਾਲ ਕੌਰ ਥਾਂਦੇਵਾਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH