
ਵਿਦੇਸ਼ ਮੰਤਰੀ ਨੂੰ ਮਾਮਲਾ ਥਾਈਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਉਠਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 21 ਸਤੰਬਰ (ਹਿੰ.ਸ.)| ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਥਾਈਲੈਂਡ ਵਿੱਚ ਇੱਕ ਬਜ਼ੁਰਗ ਸਿੱਖ ਨਾਲ ਕਥਿਤ ਕੁੱਟਮਾਰ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਤੇ ਚਿੰਤਾ ਪ੍ਰਗਟ ਕੀਤੀ ਹੈ।
ਬਾਬਾ ਬਲਬੀਰ ਸਿੰਘ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਦੱਸਦਿਆਂ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਨਾਲ ਕਥਿਤ ਤੌਰ ’ਤੇ ਕੀਤੀ ਗਈ ਬੇਅਦਬੀ ਅਤੇ ਉਸ ਨਾਲ ਮਾਰਕੁਟਾਈ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਮਹੱਤਵਪੂਰਨ ਪ੍ਰਤੀਕ ਹੈ। ਇਸ ਲਈ ਦਸਤਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ, ਤਾਂ ਜੋ ਤੱਥ ਸਾਹਮਣੇ ਆ ਸਕਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋ ਸਕੇ।
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਜਾਂ ਯਾਤਰਾ ਕਰਨ ਵਾਲੇ ਭਾਰਤੀ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਦੇਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ਨਾਲ ਜੁੜੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਥਾਈਲੈਂਡ ਦੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਪਛਾਣ, ਧਾਰਮਿਕ ਚਿੰਨ੍ਹਾਂ ਅਤੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਸੰਵੇਦਨਸ਼ੀਲਤਾ ਨਾਲ ਲੈਣਾ ਜ਼ਰੂਰੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਬੰਧਤ ਅਧਿਕਾਰੀ ਮਾਮਲੇ ਦੀ ਜਾਂਚ ਕਰਕੇ ਤੱਥਾਂ ਦੇ ਆਧਾਰ ’ਤੇ ਉਚਿਤ ਕਾਰਵਾਈ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH