ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ
ਟੈਕਨੀਕਲ ਗ੍ਰੇਡ, ਤਰੱਕੀਆਂ, ਬਦਲੀਆਂ ਅਤੇ ਖਾਲੀ ਆਸਾਮੀਆਂ ਭਰਨ ਸਮੇਤ ਸੱਤ ਪ੍ਰਮੁੱਖ ਮੰਗਾਂ ਰੱਖੀਆਂ ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆ
ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਮੁਲਾਜ਼ਮ।


ਟੈਕਨੀਕਲ ਗ੍ਰੇਡ, ਤਰੱਕੀਆਂ, ਬਦਲੀਆਂ ਅਤੇ ਖਾਲੀ ਆਸਾਮੀਆਂ ਭਰਨ ਸਮੇਤ ਸੱਤ ਪ੍ਰਮੁੱਖ ਮੰਗਾਂ ਰੱਖੀਆਂ

ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਡਿਊਟੀ ਦੌਰਾਨ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ।

ਜਲ ਸਰੋਤ ਮੰਤਰੀ ਨੇ ਯੂਨੀਅਨ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਜਾਇਜ਼ ਅਤੇ ਵਾਜਬ ਮੰਗਾਂ ’ਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਕੋਲ ਭੇਜਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਗੰਭੀਰ ਹੈ ਅਤੇ ਸੇਵਾ-ਸਬੰਧੀ ਜਾਇਜ਼ ਮਸਲਿਆਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ, ਇਸ ਲਈ ਕਰਮਚਾਰੀ ਜਥੇਬੰਦੀਆਂ ਨਾਲ ਉਸਾਰੂ ਗੱਲਬਾਤ ਜਾਰੀ ਰੱਖੀ ਜਾਵੇਗੀ।

ਯੂਨੀਅਨ ਵੱਲੋਂ ਕੈਬਨਿਟ ਮੰਤਰੀ ਦੇ ਸਾਹਮਣੇ ਸੱਤ ਪ੍ਰਮੁੱਖ ਮੰਗਾਂ ਰੱਖੀਆਂ ਗਈਆਂ। ਇਨ੍ਹਾਂ ਵਿੱਚ ਨਹਿਰੀ ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦੇਣਾ, ਮੁਲਾਜ਼ਮਾਂ ਵਿਰੁੱਧ ਮਿਲਣ ਵਾਲੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਤੋਂ ਬਾਅਦ ਹੀ ਕਾਰਵਾਈ ਕਰਨਾ, ਨਹਿਰੀ ਪਟਵਾਰੀਆਂ ਵਿੱਚੋਂ ਸਹਾਇਕ ਮਾਲ ਕਲਰਕ ਦੀਆਂ ਤਰੱਕੀਆਂ ਜਲਦ ਕਰਨਾ ਅਤੇ ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੀ ਮੰਗ ਸ਼ਾਮਲ ਹੈ।

ਇਸ ਤੋਂ ਇਲਾਵਾ ਨਹਿਰੀ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰਨ, ਸਹਾਇਕ ਮਾਲ ਕਲਰਕ ਦੀਆਂ ਆਸਾਮੀਆਂ ਦੀ ਗਿਣਤੀ ਵਧਾਉਣ ਅਤੇ ਨਹਿਰੀ ਪਟਵਾਰੀਆਂ ਦੀਆਂ ਲੰਬਿਤ ਸੇਵਾ-ਸਬੰਧੀ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀ ਮੰਗ ਵੀ ਰੱਖੀ ਗਈ।

ਬਰਿੰਦਰ ਕੁਮਾਰ ਗੋਇਲ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜਾਇਜ਼ ਮੰਗਾਂ ’ਤੇ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿੱਤੀ ਅਤੇ ਪ੍ਰਸ਼ਾਸਨਿਕ ਉਪਬੰਧਾਂ ਦੇ ਦਾਇਰੇ ਵਿੱਚ ਰਹਿੰਦਿਆਂ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਮੁੱਖ ਇੰਜੀਨੀਅਰ (ਨਹਿਰਾਂ) ਸ਼ੇਰ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande