
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤੀ ਸ਼ਿਰਕਤ, ਮਰੀਜ਼ਾਂ ਨੂੰ ਮੁਫ਼ਤ ਇਲਾਜ ਦੇ ਨਾਲ ਦਵਾਈਆਂ ਵੀ ਦਿੱਤੀਆਂ
ਫਾਜ਼ਿਲਕਾ, 23 ਸਤੰਬਰ (ਹਿੰ.ਸ.)| ਫਾਜ਼ਿਲਕਾ ਦੀ ਖੁਸ਼ੀ ਫਾਊਂਡੇਸ਼ਨ ਅਤੇ ਲਾਇਨ ਕਲੱਬ ਵੱਲੋਂ ਸਾਂਝੇ ਤੌਰ ’ਤੇ ਫਾਜ਼ਿਲਕਾ ਦੀ ਚੌਧਰੀਆਂ ਵਾਲੀ ਗਲੀ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਦੋਵਾਂ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਮੂਹ ਨੁਮਾਇੰਦੇ ਅਤੇ ਆਗੂ ਇਸ ਉਪਰਾਲੇ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਸੰਸਥਾਵਾਂ ਵੱਲੋਂ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਕਾਰਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇੱਕੋ ਛੱਤ ਹੇਠ ਮੁਫ਼ਤ ਇਲਾਜ ਦੀ ਸਹੂਲਤ ਮਿਲਣਾ ਇੱਕ ਚੰਗਾ ਉਪਰਾਲਾ ਹੈ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ ਟੈਸਟਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਨੂੰ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕਰਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਦੇ ਨਾਲ-ਨਾਲ ਆਧੁਨਿਕ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਦੇ ਕਈ ਕੰਮ ਕਰਵਾਏ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH