
ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ
ਘਨੌਰ, 23 ਸਤੰਬਰ (ਹਿੰ.ਸ.)| ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਚੱਪੜ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਅਤੇ ਇਨ੍ਹਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਬੂਥ ਪੱਧਰੀ ਵਰਕਰ ਅਤੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ, ਸਿਹਤ ਸੇਵਾਵਾਂ, ਮੁੱਖ ਮੰਤਰੀ ਸਿਹਤ ਯੋਜਨਾ, ਰਾਸ਼ਨ ਸਹੂਲਤਾਂ, ਨਹਿਰੀ ਪਾਣੀ, ਕਿਸਾਨਾਂ ਲਈ ਬਿਜਲੀ ਸਪਲਾਈ, ਰੁਜ਼ਗਾਰ ਦੇ ਮੌਕਿਆਂ ਅਤੇ ਹੋਰ ਲੋਕ ਭਲਾਈ ਦੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪਾਰਟੀ ਵੱਲੋਂ ਇਸ ਮੁਹਿੰਮ ਤਹਿਤ ਵੱਖ-ਵੱਖ ਸਕੀਮਾਂ ਰਾਹੀਂ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਦਾ ਅੰਕੜਾ ਪੇਸ਼ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਯੋਗਤਾ ਦੇ ਆਧਾਰ ’ਤੇ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦਾ ਲਾਭ ਲੋਕਾਂ ਤੱਕ ਬਿਨਾਂ ਭੇਦਭਾਵ ਪਹੁੰਚਾਇਆ ਜਾ ਰਿਹਾ ਹੈ। ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰੀ ਸਹੂਲਤਾਂ ਸਬੰਧੀ ਜਾਣਕਾਰੀ ਵੀ ਲਈ ਜਾ ਰਹੀ ਹੈ।
ਗੁਰਲਾਲ ਘਨੌਰ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਉਪਲਬਧ ਸਹੂਲਤਾਂ ਅਤੇ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨਾਲ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਲੋਕਤੰਤਰ ਦੀ ਮਜ਼ਬੂਤੀ ਲਈ ਮਹੱਤਵਪੂਰਨ ਹੈ।
ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਦਾ ਇੱਕ ਹੋਰ ਉਦੇਸ਼ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਮਿਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਵਲੰਟੀਅਰ ਆਉਣ ਵਾਲੇ ਦਿਨਾਂ ਵਿੱਚ ਵੀ ਘਰ-ਘਰ ਜਾ ਕੇ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚ-ਸਰਪੰਚ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH