
ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਪ੍ਰਗਟਾਵਾ ਕੀਤਾ : ਗਿਆਨੀ ਕੁਲਦੀਪ ਸਿੰਘ ਗੜਗੱਜ
ਬਟਾਲਾ, 23 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਓਠੀਆਂ ਤੋਂ ਜੈਕਾਰਿਆਂ ਦੀ ਗੂੰਜ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸਜੇ ਧਾਰਮਿਕ ਦੀਵਾਨ ਦੌਰਾਨ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਉਂਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਉਪਰੰਤ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਜਾਗਰੂਕਤਾ, ਗੁਰਮਤਿ ਚੇਤਨਾ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਮਾਰਚ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ-ਬਾਣੇ ਨਾਲ ਜੁੜਨ ਦਾ ਸੁਨੇਹਾ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗੁਰੂ ਦੀ ਵਿਚਾਰਧਾਰਾ, ਅੰਮ੍ਰਿਤ ਦੀ ਦਾਤ ਅਤੇ ਗੁਰਮਤਿ ਜੀਵਨ ਨਾਲ ਜੋੜਨਾ ਸਾਂਝੀ ਜ਼ਿੰਮੇਵਾਰੀ ਹੈ।
ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਮੁੱਦੇ ਲਈ ਪੰਥਕ ਇਕਜੁੱਟਤਾ ਦੀ ਲੋੜ ਹੈ।
ਇਸੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦੀ ਸ਼ਮੂਲੀਅਤ ਨੇ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਪੰਥ ਪ੍ਰਤੀ ਆਪਣੀ ਸ਼ਰਧਾ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚੋਂ ਹੁੰਦਾ ਹੋਇਆ ਸੰਗਤ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦਾ ਯਤਨ ਹੈ।
ਗਿਆਨੀ ਗੜਗੱਜ ਨੇ ਕਿਹਾ ਕਿ ਖ਼ਾਸ ਤੌਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਮਾਰਚ ਦੀ ਇੱਕ ਅਹਿਮ ਵਿਸ਼ੇਸ਼ਤਾ ਰਹੀ ਹੈ। ਉਨ੍ਹਾਂ ਅਨੁਸਾਰ ਕਈ ਨੌਜਵਾਨਾਂ ਵੱਲੋਂ ਕੇਸ ਰੱਖਣ ਅਤੇ ਗੁਰੂ ਦੀ ਵਿਚਾਰਧਾਰਾ ਨਾਲ ਜੁੜਨ ਦਾ ਪ੍ਰਣ ਕਰਨਾ ਗੁਰਬਾਣੀ, ਗੁਰੂ-ਸਿਧਾਂਤ ਅਤੇ ਪੰਥਕ ਚੇਤਨਾ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਦਰਸਾਉਂਦਾ ਹੈ।
ਮੌਕੇ ’ਤੇ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਸ਼ਖ਼ਸੀਅਤਾਂ, ਅਕਾਲੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH