
ਅੰਮ੍ਰਿਤਸਰ, 24 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੀਰਵਾਰ ਨੂੰ ਆਪਣੇ ਤੀਜੇ ਪੜਾਅ ਤਹਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਅਤੇ ਪੰਥਕ ਜਾਹੋ-ਜਲਾਲ ਨਾਲ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ, ਕੱਥੂਨੰਗਲ ਲਈ ਰਵਾਨਾ ਹੋਇਆ।
ਖਾਲਸਾ ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਇਸ ਮੌਕੇ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤ ਨਾਲ ਗੁਰ-ਇਤਿਹਾਸ ਸਾਂਝਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਕਿ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਬਚਨ ‘ਬਾਬਾ ਵਸੇ ਗ੍ਰਾਮ ਬਕਾਲੇ’ ਅਤੇ ਬਾਅਦ ਵਿੱਚ ਬਾਬਾ ਮੱਖਣ ਸ਼ਾਹ ਲੁਬਾਣਾ ਵੱਲੋਂ ਸੱਚੇ ਗੁਰੂ ਦੀ ਪਛਾਣ ਕਰਨਾ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਾ ਹੈ।
ਗਿਆਨੀ ਗੜਗੱਜ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀ ਗੁਰੂ ਥਾਪੇ ਜਾਣ ਤੋਂ ਬਾਅਦ ਸਿੱਖ ਪੰਥ ਦੀ ਆਸਥਾ ਅਤੇ ਜੀਵਨ ਦਾ ਆਧਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰਮਤਿ ਸਿਧਾਂਤ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਸੰਦੇਸ਼ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਸਮਰਪਣ ਹੈ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨ ਪੰਥ ਦੀ ਤਾਕਤ ਹਨ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਨੂੰ ਗੁਰਦੁਆਰਾ ਸਾਹਿਬ, ਸੰਗਤ, ਸੇਵਾ ਅਤੇ ਗੁਰਬਾਣੀ ਨਾਲ ਜੋੜਨ ਦੀ ਅਪੀਲ ਕੀਤੀ।
ਖਾਲਸਾ ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ, ਜਦਕਿ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਮਾਰਚ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਗੁਰੂ ਸਾਹਿਬਾਨ ਦੇ ਸ਼ਸਤਰਾਂ ਦੇ ਦਰਸ਼ਨਾਂ ਲਈ ਵੀ ਸੰਗਤ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਪ੍ਰਚਾਰਕਾਂ, ਸੇਵਾਦਾਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH