
ਚੰਡੀਗੜ੍ਹ, 24 ਸਤੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਜਬਰ-ਜਨਾਹ ਪੀੜਤ ਮਹਿਲਾ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਅਤੇ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਮਾਮਲੇ ਦੀ ਜਾਂਚ ਕਰਵਾਉਣ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਹੋ ਰਹੀ ਖ਼ਬਰ ਅਤੇ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕੀਤੀ ਜਾਵੇ।
ਪੁਲਿਸ ਨੂੰ ਇਹ ਵੀ ਪਤਾ ਲਗਾਉਣ ਲਈ ਕਿਹਾ ਗਿਆ ਹੈ ਕਿ ਕੀ ਮਾਮਲੇ ਵਿੱਚ ਕਿਸੇ ਕਾਨੂੰਨੀ ਵਿਵਸਥਾ ਦੀ ਉਲੰਘਣਾ ਹੋਈ ਹੈ। ਜੇਕਰ ਜਾਂਚ ਦੌਰਾਨ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਕਮਿਸ਼ਨ ਨੂੰ ਭੇਜਿਆ ਜਾਵੇ। ਜਾਂਚ ਅਤੇ ਕਾਰਵਾਈ ਸਬੰਧੀ ਵਿਸਥਾਰਤ ਰਿਪੋਰਟ 26 ਸਤੰਬਰ 2026 ਤੱਕ ਮਹਿਲਾ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH