
ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਸਿਰਫ਼ ਭਾਜਪਾ ਦਾ ਦਫ਼ਤਰ ਬਣ ਕੇ ਰਹਿ ਗਿਆ: ਵੜਿੰਗ
ਚੰਡੀਗੜ੍ਹ, 25 ਸਤੰਬਰ (ਹਿੰ.ਸ.)| ਦੇਸ਼ ਅੰਦਰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੇ ਆਪਸ ਵਿੱਚ ਮਿਲ ਕੇ ਚੋਣਾਂ ਵਿੱਚ ਹੇਰਾਫੇਰੀ ਕਰ ਰਹੇ ਹਨ ਅਤੇ ਵੋਟਾਂ ਚੋਰੀ ਕਰਨ ਦਾ ਕੰਮ ਕਰ ਰਹੇ ਹਨ।
ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਏ ਦਿਨ ਅਜਿਹੇ ਸਬੂਤ ਸਾਹਮਣੇ ਆ ਰਹੇ ਹਨ ਜਿਨ੍ਹਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮੁੱਖ ਚੋਣ ਕਮਿਸ਼ਨਰ ਕਿਵੇਂ ਵਿਕ ਚੁੱਕੇ ਹਨ ਅਤੇ ਭਾਜਪਾ ਨੂੰ ਚੋਣਾਂ ਜਿਤਾਉਣ ਲਈ ਉਨ੍ਹਾਂ ਨਾਲ ਮਿਲੀ ਕੇ ਸਾਜਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
ਵੜਿੰਗ ਨੇ ਕਿਹਾ, ਜਿਸ ਨੂੰ ਚੋਣ ਜਿੱਤ ਕਿਹਾ ਜਾ ਰਿਹਾ ਹੈ, ਉਹ ਅਸਲ ਵਿੱਚ ਸਿੱਧੀ-ਸਿੱਧੀ ਵੋਟ-ਚੋਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਵੀ ਇਹੀ ਕੁੱਝ ਵਾਪਰਿਆ ਹੈ। ਕਿਸੇ ਨੂੰ ਯਕੀਨ ਨਹੀਂ ਸੀ ਕਿ ਜਿਨ੍ਹਾਂ ਦੋਵਾਂ ਸੂਬਿਆਂ ਵਿੱਚ ਭਾਜਪਾ ਲੋਕ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਗਈ ਸੀ, ਉੱਥੇ ਮਹਿਜ਼ ਕੁਝ ਮਹੀਨਿਆਂ ਬਾਅਦ ਹੀ ਉਹ ਕਿਵੇਂ ਜਿੱਤ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਵੱਡੀ ਪੱਧਰ 'ਤੇ ਧਾਂਦਲੀ ਹੋਈ ਸੀ।
ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹ ਸਿਰਫ਼ ਅਸਲ ਵੋਟਰਾਂ ਦੇ ਹੱਕ ਖੋਹਣ ਦਾ ਇੱਕ ਜ਼ਰੀਆ ਹੈ, ਖ਼ਾਸ ਕਰਕੇ ਉਨ੍ਹਾਂ ਵੋਟਰਾਂ ਦੇ ਜਿਨ੍ਹਾਂ ਬਾਰੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੀਆਂ ਲੋਕ ਸਭਾ ਚੋਣਾਂ ਵਾਲੀਆਂ ਵੋਟਰ ਸੂਚੀਆਂ ਦੇ ਆਧਾਰ 'ਤੇ ਹੀ ਕਰਵਾਈਆਂ ਜਾਣ।
ਕਾਂਗਰਸ ਪ੍ਰਧਾਨ ਨੇ ਮੁੱਖ ਚੋਣ ਕਮਿਸ਼ਨਰ 'ਤੇ ਇਹ ਦੋਸ਼ ਵੀ ਲਾਇਆ ਕਿ ਨਵੀਆਂ ਵੋਟਾਂ ਬਣਾਉਣ ਦੇ ਨਿਯਮ ਇੰਨੇ ਔਖੇ ਕਰ ਦਿੱਤੇ ਗਏ ਹਨ ਕਿ ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਾਰਮ-6 ਵਿੱਚ ਅਜਿਹੀਆਂ ਸਖ਼ਤ ਸ਼ਰਤਾਂ ਰੱਖ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਪੂਰਾ ਕਰਨਾ ਕਿਸੇ ਆਮ ਬੰਦੇ ਦੇ ਵੱਸ ਦੀ ਗੱਲ ਨਹੀਂ। ਇਹ ਸਭ ਨਵੀਂ ਪੀੜ੍ਹੀ ਜੈਨਜੀ ਨੂੰ ਵੋਟ ਦੇ ਹੱਕ ਤੋਂ ਦੂਰ ਰੱਖਣ ਦੀ ਕੋਸ਼ਿਸ਼ ਹੈ, ਕਿਉਂਕਿ ਭਾਜਪਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਨੌਜਵਾਨ ਉਨ੍ਹਾਂ ਨੂੰ ਕਦੇ ਵੋਟ ਨਹੀਂ ਪਾਉਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਪਿਛਲੇ ਤਿੰਨ ਸਾਲਾਂ ਤੋਂ ਇਹ ਗੱਲ ਕਹਿ ਰਹੇ ਹਨ ਕਿ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਦੋਵੇਂ ਰਲ਼ ਕੇ ਚੋਣਾਂ ਵਿੱਚ ਘਪਲੇਬਾਜ਼ੀ ਕਰ ਰਹੇ ਹਨ।
ਰੰਧਾਵਾ ਨੇ ਕਿਹਾ ਕਿ ਅੱਜ ਭਾਜਪਾ ਅਤੇ ਚੋਣ ਕਮਿਸ਼ਨ ਦੋਵੇਂ ਹੀ ਦੇਸ਼ ਦੇ ਲੋਕਾਂ ਸਾਹਮਣੇ ਨੰਗੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਦੇਸ਼ ਦੇ ਚੋਣ ਸਿਸਟਮ ਦੇ ਭਰੋਸੇ ਨੂੰ ਬਹੁਤ ਵੱਡੀ ਸੱਟ ਮਾਰੀ ਹੈ, ਜਿਸ ਨੂੰ ਮੁੜ ਬਹਾਲ ਕਰਨ ਵਿੱਚ ਲੰਮਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਵਿਗੜੇ ਹੋਏ ਚੋਣ ਢਾਂਚੇ ਨੂੰ ਠੀਕ ਕਰਨ ਦਾ ਪਹਿਲਾ ਕਦਮ ਮੌਜੂਦਾ ਸੀ.ਈ.ਸੀ ਨੂੰ ਤੁਰੰਤ ਹਟਾਉਣਾ ਹੈ।
ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ। ਜਿੰਨ੍ਹਾਂ ਵਿੱਚ ਏ.ਆਈ.ਸੀ.ਸੀ. ਦੇ ਸਕੱਤਰ ਸੂਰਜ ਠਾਕੁਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਧਰਮਵੀਰ ਗਾਂਧੀ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਏ.ਆਈ.ਸੀ.ਸੀ. ਦੇ ਸਹਿ-ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਖ਼ਜ਼ਾਨਚੀ ਅਮਿਤ ਵਿਜ, ਪੀ.ਪੀ.ਸੀ.ਸੀ. ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪਰਗਟ ਸਿੰਘ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਫਰੰਟਲ ਸੰਗਠਨ ਦੇ ਪ੍ਰਧਾਨ ਬਲਜੀਤ ਕੌਰ, ਗੁਰਪ੍ਰੀਤ ਸਿੰਘ ਲੱਕੀ ਪੱਖੋ, ਜਗਸੀਰ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਪ੍ਰੀਤ ਲਾਲੀ, ਮੋਹਿਤ ਮਹਿੰਦਰਾ ਅਤੇ ਹੋਰ ਸ਼ਾਮਲ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH