ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਬਲਬੀਰ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੋਹਾਲੀ ਬਾਹਰ ਦਿੱਤਾ ਧਰਨਾ ਪ੍ਰਦਰਸ਼ਨ
ਵੋਟ ਦੇ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ: ਬਲਬੀਰ ਸਿੰਘ ਸਿੱਧੂ ਮੋਹਾਲੀ, 28 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ‘ਵੋਟ ਚੋਰੀ’ ਦੇ ਮੁੱਦੇ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿ
ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


ਵੋਟ ਦੇ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ: ਬਲਬੀਰ ਸਿੰਘ ਸਿੱਧੂ

ਮੋਹਾਲੀ, 28 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ‘ਵੋਟ ਚੋਰੀ’ ਦੇ ਮੁੱਦੇ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ, ਮੋਹਾਲੀ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ, ਆਗੂ ਅਤੇ ਅਹੁਦੇਦਾਰ ਪਹੁੰਚੇ। ਧਰਨੇ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਉਠਾਈ ਗਈ ਅਤੇ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਗਿਆ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰ ਵੋਟ ਦਾ ਅਧਿਕਾਰ ਦਿੱਤਾ ਹੈ, ਚਾਹੇ ਉਹ ਅਮੀਰ ਹੋਵੇ ਜਾਂ ਗਰੀਬ। 13 ਕਰੋੜ 35 ਲੱਖ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਪਸ਼ਟ ਮੰਨਣਾ ਹੈ ਕਿ ਵੋਟਰ ਸੂਚੀਆਂ ਵਿੱਚ ਪਾਰਦਰਸ਼ਤਾ, ਸਹੀ ਜਾਂਚ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਮਹੀਨਿਆਂ ਦੌਰਾਨ ਚੋਣ ਕਮਿਸ਼ਨ ਦੇ ਅੰਦਰ ਹੀ ਚੋਣ ਕਮਿਸ਼ਨਰ ਸ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਘੱਟੋ-ਘੱਟ 14 ਵਾਰ ਵੱਖ-ਵੱਖ ਫ਼ੈਸਲਿਆਂ ਅਤੇ ਹੁਕਮਾਂ ’ਤੇ ਲਿਖਤੀ ਇਤਰਾਜ਼ ਦਰਜ ਕੀਤੇ ਗਏ ਹਨ। ਇਹ ਇਤਰਾਜ਼ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀਆਂ ਵਿੱਚੋਂ ਨਾਮ ਹਟਾਉਣ ਜਾਂ ਜੋੜਨ, SIR ਦੀ ਪ੍ਰਕਿਰਿਆ ਅਤੇ ਵੋਟਰ ਡੇਟਾਬੇਸ ਦੀ ਸੰਭਾਲ ਨਾਲ ਜੁੜੇ ਮਾਮਲਿਆਂ ’ਤੇ ਸਨ। ਦੋਵੇਂ ਕਮਿਸ਼ਨਰਾਂ ਨੇ ਕੁਝ ਮਾਮਲਿਆਂ ਵਿੱਚ ਇਹ ਵੀ ਇਤਰਾਜ਼ ਜਤਾਇਆ ਕਿ ਫ਼ੈਸਲੇ ਜਾਂ ਹੁਕਮ ਉਨ੍ਹਾਂ ਦੀ ਜਾਣਕਾਰੀ ਜਾਂ ਸਹਿਮਤੀ ਤੋਂ ਬਿਨਾਂ ਜਾਰੀ ਕੀਤੇ ਗਏ। ਸਿੱਧੂ ਨੇ ਕਿਹਾ ਕਿ ਇਨ੍ਹਾਂ ਇਤਰਾਜ਼ਾਂ ਅਤੇ ਪੂਰੀ ਪ੍ਰਕਿਰਿਆ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਦੇਸ਼ ਦੇ ਲੋਕਾਂ ਦਾ ਚੋਣ ਪ੍ਰਕਿਰਿਆ ਵਿੱਚ ਭਰੋਸਾ ਕਾਇਮ ਰਹੇ।

ਸਿੱਧੂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੱਕ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਯੋਗ ਵੋਟਰਾਂ ਦੇ ਨਾਮ ਕਿਸੇ ਵੀ ਹਾਲਤ ਵਿੱਚ ਵੋਟਰ ਸੂਚੀ ਵਿੱਚੋਂ ਨਾ ਕੱਟੇ ਜਾਣ ਅਤੇ ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ , ਨਵੇਂ ਫਾਰਮ-6 ਦੀਆਂ ਪੇਚੀਦਗੀਆਂ ਕਾਰਨ, ਬਹੁਤ ਸਾਰੇ ਯੋਗ ਪਹਿਲੀ ਵਾਰ ਵੋਟਰ ਆਪਣੇ ਨਾਮ ਦਰਜ ਕਰਵਾਉਣ ਤੋਂ ਅਸਮਰੱਥ ਹਨ।

ਸਿੱਧੂ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਲਗਾਤਾਰ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦੇ ਉਠਾਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਗਲਤ ਤਰੀਕੇ ਨਾਲ ਹਟਾਇਆ ਗਿਆ ਹੈ ਜਾਂ ਕਿਸੇ ਫ਼ਰਜ਼ੀ ਵੋਟ ਸਬੰਧੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਸਿੱਧੂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਸਿਆਸੀ ਨਿਰਪੱਖਤਾ ਸਬੰਧੀ ਸਵਾਲ ਉਠਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਨੂੰ ਹਰ ਸਿਆਸੀ ਧਿਰ ਤੋਂ ਬਰਾਬਰ ਦੂਰੀ ਰੱਖਦਿਆਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਸਾਰੇ ਵਿਵਾਦਾਂ ਅਤੇ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ ਤਾਂ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਸਤੀਫ਼ਾ ਦੇ ਕੇ ਜਾਂਚ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਸਿਰਫ਼ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਨਹੀਂ, ਸਗੋਂ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਆਪਣੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਚਾਹੁੰਦਾ ਹੈ। ਸਿੱਧੂ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦਾ ਵੋਟ ਦਾ ਅਧਿਕਾਰ ਅਤੇ ਚੋਣ ਪ੍ਰਕਿਰਿਆ ਵਿੱਚ ਭਰੋਸਾ ਸਦਾ ਕਾਇਮ ਰਹਿਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਲੋਕਾਂ ਦਾ ਭਰੋਸਾ ਬਹਾਲ ਨਹੀਂ ਹੁੰਦਾ, ਕਾਂਗਰਸ ਦਾ ਇਹ ਜਨ-ਸੰਘਰਸ਼ ਸੜਕ ਤੋਂ ਲੈ ਕੇ ਸੰਸਦ ਤੱਕ ਜਾਰੀ ਰਹੇਗਾ।

ਇਸ ਰੋਸ ਧਰਨੇ ਦੌਰਾਨ ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ। ਇਸ ਧਰਨੇ ਨੂੰ ਕਮਲ ਕਿਸ਼ੋਰ ਸ਼ਰਮਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ, ਮੁਲਾਜਮ ਆਗੂ ਲੱਖਾਂ ਸਿੰਘ,ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ, ਉਦੇਵੀਰ ਸਿੰਘ ਢਿੱਲੋਂ, ਮਨਜੀਤ ਸਿੰਘ ਝਲਬੂਟੀ, ਕਮਲਜੀਤ ਚਾਵਲਾ, ਯਾਦਵਿੰਦਰ ਸਿੰਘ ਬੰਨੀ ਕੰਗ, ਰਣਜੀਤ ਸਿੰਘ ਨਗਲੀਆਂ ਐਸ. ਸੀ. ਸੈੱਲ ਚੈਅਰਮੈਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande