
ਚੰਡੀਗੜ੍ਹ, 29 ਸਤੰਬਰ (ਹਿੰ.ਸ.)| ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਾਬਾ ਲੱਖਾ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਤੇ ਮਰਿਆਦਾ ਦੀ ਰਾਖੀ ਲਈ ਮਹੱਤਵਪੂਰਨ ਕਦਮ ਹੈ।
ਮੁਲਾਕਾਤ ਦੌਰਾਨ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਵਿਵਸਥਾ ਦੀ ਲੋੜ ਹੈ।
ਬਾਬਾ ਲੱਖਾ ਸਿੰਘ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦਾ ਪਾਸ ਹੋਣਾ ਅਹਿਮ ਕਦਮ ਹੈ। ਉਨ੍ਹਾਂ ਅਨੁਸਾਰ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਾਨੂੰਨ ਵਿੱਚ ਕੀਤੀਆਂ ਵਿਵਸਥਾਵਾਂ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਹੋਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਲੱਖਾ ਸਿੰਘ ਵੱਲੋਂ ਦਿੱਤੇ ਸਿਰੋਪਾਓ ਅਤੇ ਆਸ਼ੀਰਵਾਦ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕਾਨੂੰਨ ਨੂੰ ਲਾਗੂ ਕਰਨ ਦੇ ਮੌਕੇ ਨੂੰ ਗੁਰੂ ਸਾਹਿਬ ਦੀ ਸੇਵਾ ਵਜੋਂ ਦੇਖਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਸਤਿਕਾਰਯੋਗ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤੇ ਗਏ ਸਤਿਕਾਰ ਐਕਟ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਕਾਨੂੰਨ ਨਾਲ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਰਾਖੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇਗੀ।
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦੇ ਕੁਝ ਅੰਸ਼ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਲੱਖਾ ਸਿੰਘ ਵੱਲੋਂ ਕਾਨੂੰਨ ਦੀ ਸ਼ਲਾਘਾ ਕਰਨਾ ਅਤੇ ਸਿਰੋਪਾਓ ਭੇਟ ਕਰਨਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਪੰਜਾਬ ਦੀ ਤਰੱਕੀ ਦੇ ਨਾਲ-ਨਾਲ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH