
ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਭਲਾਈ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਲਾਗੂ ਕਰਨ ਦੀ ਹਦਾਇਤ: ਸੋਨਮ ਚੌਧਰੀ
ਮੋਹਾਲੀ, 29 ਸਤੰਬਰ (ਹਿੰ.ਸ.)| ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ‘ਸਟੇਟ ਐਕਸ਼ਨ ਪਲਾਨ 2026-27’ ਤਹਿਤ ਚਲਾਈ ਜਾ ਰਹੀ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਹਿੰਮ ਤਹਿਤ ਉਲੀਕੀ ਕਾਰਜ-ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਤਹਿਤ ਨਿਰਧਾਰਤ ਗਤੀਵਿਧੀਆਂ ਨੂੰ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸੀਨੀਅਰ ਨਾਗਰਿਕਾਂ ਲਈ ਮੁਫ਼ਤ ਸਿਹਤ ਅਤੇ ਡਾਕਟਰੀ ਜਾਂਚ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਲੋੜਵੰਦ ਬਜ਼ੁਰਗਾਂ ਲਈ ਅੱਖਾਂ ਦੇ ਮੋਤੀਆ ਬਿੰਦ ਦੇ ਅਪ੍ਰੇਸ਼ਨਾਂ ਦੀ ਵਿਵਸਥਾ ਵੀ ਕੀਤੀ ਜਾਵੇਗੀ। ਬਜ਼ੁਰਗਾਂ ਨੂੰ ਤੰਦਰੁਸਤ ਅਤੇ ਸਰਗਰਮ ਜੀਵਨਸ਼ੈਲੀ ਨਾਲ ਜੋੜਨ ਲਈ ਯੋਗਾ ਅਭਿਆਸ, ਕਲਾ ਅਤੇ ਨ੍ਰਿਤ ਥੈਰੇਪੀ ਨਾਲ ਸਬੰਧਤ ਸੈਸ਼ਨ ਵੀ ਕਰਵਾਏ ਜਾਣਗੇ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਹਾਲੀ ਸ਼੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਡਿਜੀਟਲ ਸੇਵਾਵਾਂ ਅਤੇ ਵਿੱਤੀ ਲੈਣ-ਦੇਣ ਸੁਰੱਖਿਅਤ ਢੰਗ ਨਾਲ ਕਰਨ ਦੇ ਯੋਗ ਬਣਾਉਣ ਲਈ ਡਿਜੀਟਲ ਅਤੇ ਵਿੱਤੀ ਸਾਖਰਤਾ ਸਬੰਧੀ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਸਨਮਾਨਜਨਕ, ਸਿਹਤਮੰਦ ਅਤੇ ਸਰਗਰਮ ਜੀਵਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਅਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH